- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਾਰ ਮਹੀਨਿਆਂ ਤੋਂ ਫਰਾਰ ਲੁੱਟ-ਖੋਹ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

-ਪੈਟਰੋਲ ਪੰਪ ’ਤੇ ਹਥਿਆਰਾਂ ਨਾਲ ਹਮਲਾ ਕਰਕੇ ਚੇਨ ਖੋਹਣ ਦਾ ਮਾਮਲਾ
-ਅਦਾਲਤ ਨੇ 3 ਦਿਨਾ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਫੋਟੋ ਨੰਬਰ-42
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ
ਲਾਡੋਵਾਲ ਇਲਾਕੇ ਵਿੱਚ ਪੈਟਰੋਲ ਪੰਪ ’ਤੇ ਨੌਜਵਾਨ ਨਾਲ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਕੇ ਉਸ ਦੀ ਚਾਂਦੀ ਦੀ ਚੇਨ ਖੋਹਣ ਦੇ ਮਾਮਲੇ ਵਿੱਚ ਕਰੀਬ ਚਾਰ ਮਹੀਨਿਆਂ ਤੋਂ ਫਰਾਰ ਚੱਲ ਰਹੇ ਮੁੱਖ ਮੁਲਜ਼ਮ ਨੂੰ ਥਾਣਾ ਲਾਡੋਵਾਲ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਲਵ ਕੁਮਾਰ ਉਰਫ਼ ਲਾਡੀ ਵਜੋਂ ਹੋਈ ਹੈ। ਪੁਲਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਹੁਣ ਪੁਲਸ ਵੱਲੋਂ ਮੁਲਜ਼ਮ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਤੇਜ਼ਧਾਰ ਹਥਿਆਰਾਂ ਅਤੇ ਖੋਹੀ ਗਈ ਚਾਂਦੀ ਦੀ ਚੇਨ ਦੀ ਬਰਾਮਦਗੀ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਵਿੱਚ ਫਰਾਰ ਚੱਲ ਰਹੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਥਾਣਾ ਲਾਡੋਵਾਲ ਦੇ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ 9 ਜੂਨ 2026 ਨੂੰ ਲਾਡੋਵਾਲ ਵਾਸੀ ਪ੍ਰਿੰਸ ਪੁੱਤਰ ਨਿੰਦਰ ਪਾਲ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਅਨੁਸਾਰ, ਥਾਣਾ ਲਾਡੋਵਾਲ ਦੇ ਸਾਹਮਣੇ ਸਥਿਤ ਪੈਟਰੋਲ ਪੰਪ ’ਤੇ ਲਵ ਕੁਮਾਰ ਉਰਫ਼ ਲਾਡੀ, ਗਗਨਦੀਪ ਸਿੰਘ ਪੁੱਤਰ ਹਰਵਿਲਾਸ ਤੇ ਡਮਰੂ ਨੇ ਉਸ ਨਾਲ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਸੀ। ਇਸ ਦੌਰਾਨ ਮੁਲਜ਼ਮ ਉਸ ਦੀ ਚਾਂਦੀ ਦੀ ਚੇਨ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ ਸਨ।
-ਸ਼ਿਕਾਇਤ ਤੋਂ ਬਾਅਦ ਦਰਜ ਹੋਇਆ ਸੀ ਮਾਮਲਾ
ਪੁਲਸ ਨੇ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ 22 ਜੂਨ ਨੂੰ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਚਣ ਲਈ ਲਗਾਤਾਰ ਆਪਣੇ ਟਿਕਾਣੇ ਬਦਲ ਰਹੇ ਸਨ। ਪੁਲਸ ਵੱਲੋਂ ਉਨ੍ਹਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਪਰ ਉਹ ਹੱਥ ਨਹੀਂ ਆ ਰਹੇ ਸਨ। ਇਸ ਦੌਰਾਨ ਪੁਲਸ ਨੂੰ ਮੁਖ਼ਬਰ ਖ਼ਾਸ ਤੋਂ ਸੂਚਨਾ ਮਿਲੀ ਕਿ ਮਾਮਲੇ ਵਿੱਚ ਫਰਾਰ ਚੱਲ ਰਿਹਾ ਮੁੱਖ ਮੁਲਜ਼ਮ ਲਵ ਕੁਮਾਰ ਲਾਡੋਵਾਲ ਇਲਾਕੇ ਵਿੱਚ ਮੌਜੂਦ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਸ ਨੂੰ ਤਿੰਨ ਦਿਨ ਦਾ ਰਿਮਾਂਡ ਮਿਲਿਆ।
-ਹਥਿਆਰਾਂ ਅਤੇ ਚਾਂਦੀ ਦੀ ਚੇਨ ਦੀ ਬਰਾਮਦਗੀ ਲਈ ਪੁੱਛਗਿੱਛ
ਪੁਲਿਸ ਹੁਣ ਰਿਮਾਂਡ ਦੌਰਾਨ ਮੁਲਜ਼ਮ ਤੋਂ ਵਾਰਦਾਤ ਨਾਲ ਸਬੰਧਤ ਅਹਿਮ ਜਾਣਕਾਰੀਆਂ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਾਂਚ ਦਾ ਮੁੱਖ ਮਕਸਦ ਹਮਲੇ ਵਿੱਚ ਵਰਤੇ ਗਏ ਤੇਜ਼ਧਾਰ ਹਥਿਆਰਾਂ ਅਤੇ ਸ਼ਿਕਾਇਤਕਰਤਾ ਦੀ ਚਾਂਦੀ ਦੀ ਚੇਨ ਬਰਾਮਦ ਕਰਨਾ ਹੈ। ਇਸ ਤੋਂ ਇਲਾਵਾ ਫਰਾਰ ਸਾਥੀ ਡਮਰੂ ਦੇ ਟਿਕਾਣੇ ਅਤੇ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ, ਰਿਮਾਂਡ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਰਾਰ ਸਾਥੀਆਂ ਨੂੰ ਕਾਬੂ ਕਰਨ ਲਈ ਵੀ ਪੁਲਸ ਵੱਲੋਂ ਯਤਨ ਜਾਰੀ ਹਨ।
-ਪਹਿਲਾਂ ਵੀ ਕੁੱਟਮਾਰ ਤੇ ਲੁੱਟ-ਖੋਹ ਦੇ ਮਾਮਲਿਆਂ ’ਚ ਆ ਚੁੱਕਾ ਹੈ ਨਾਮ
ਥਾਣਾ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੁਲਸ ਰਿਕਾਰਡ ਅਨੁਸਾਰ ਲਵ ਕੁਮਾਰ ਖ਼ਿਲਾਫ਼ ਪਹਿਲਾਂ ਵੀ ਕੁੱਟਮਾਰ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ। ਇਨ੍ਹਾਂ ਵਿੱਚ 30 ਅਪ੍ਰੈਲ 2025 ਨੂੰ ਲਾਡੋਵਾਲ ਬਾਜ਼ਾਰ ਵਿੱਚ ਕੁੱਟਮਾਰ ਕਰਕੇ ਸੋਨੇ ਦੀ ਚੇਨ ਖੋਹਣ ਨਾਲ ਸਬੰਧਤ ਮਾਮਲਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਥਾਣਾ ਲਾਡੋਵਾਲ ਦੇ ਸਾਹਮਣੇ ਸਥਿਤ ਪੈਟਰੋਲ ਪੰਪ ’ਤੇ ਟਿੱਪਰ ਚਾਲਕ ਰਾਜਿੰਦਰ ਕੁਮਾਰ ਵਾਸੀ ਨੂਰਪੁਰ ਬੇਟ ਨਾਲ ਕੁੱਟਮਾਰ ਕਰਕੇ 30 ਹਜ਼ਾਰ ਰੁਪਏ ਦੀ ਨਕਦੀ ਖੋਹਣ ਜਾਂ ਚੋਰੀ ਕਰਨ ਸਬੰਧੀ ਮਾਮਲਾ ਵੀ 26 ਸਤੰਬਰ 2026 ਨੂੰ ਦਰਜ ਕੀਤਾ ਗਿਆ ਸੀ। ਪੁਲਸ ਮੁਤਾਬਕ, ਲਵ ਕੁਮਾਰ ਇਸ ਮਾਮਲੇ ਵਿੱਚ ਵੀ ਫਰਾਰ ਚੱਲ ਰਿਹਾ ਸੀ। ਇਕ ਹੋਰ ਮਾਮਲੇ ਵਿੱਚ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ। ਥਾਣਾ ਮੁਖੀ ਨੇ ਇਹ ਵੀ ਦੱਸਿਆ ਕਿ ਪੁਲਸ ਵੱਲੋਂ ਲਵ ਕੁਮਾਰ ਦੀ ਦੋ ਹੋਰ ਮਾਮਲਿਆਂ ਵਿੱਚ ਵੀ ਗ੍ਰਿਫ਼ਤਾਰੀ ਦਰਜ ਕੀਤੀ ਗਈ ਹੈ। ਫਿਲਹਾਲ ਪੁਲਸ ਵੱਲੋਂ ਸਾਰੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਰਿਮਾਂਡ ਦੌਰਾਨ ਹੋਣ ਵਾਲੀ ਪੁੱਛਗਿੱਛ ਤੋਂ ਬਾਅਦ ਵਾਰਦਾਤ ਨਾਲ ਜੁੜੇ ਹੋਰ ਤੱਥਾਂ, ਲੁੱਟੇ ਗਏ ਸਾਮਾਨ ਦੀ ਬਰਾਮਦਗੀ ਅਤੇ ਫਰਾਰ ਸਾਥੀਆਂ ਦੀ ਗ੍ਰਿਫ਼ਤਾਰੀ ਸਬੰਧੀ ਸਥਿਤੀ ਸਪੱਸ਼ਟ ਹੋਣ ਦੀ ਆਸ ਹੈ।