- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਰੁੜਕਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁੱਧ ਉਤਪਾਦਕਾਂ ਨੂੰ ਡੇਅਰੀ ਕਿੱਤੇ ਸਬੰਧੀ ਨਵੀਂ ਜਾਣਕਾਰੀ ਦੇਣ ਅਤੇ ਵਿਭਾਗੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਰੁੜਕਾ, ਬਲਾਕ ਡੇਹਲੋਂ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਸੇਵਾਮੁਕਤ ਜੁਆਇੰਟ ਡਾਇਰੈਕਟਰ ਡਾ. ਗੁਰਨਾਮ ਸਿੰਘ ਸੇਖੋਂ, ਐਡਵਾਂਟਾ ਕੰਪਨੀ ਦੇ ਨੁਮਾਇੰਦੇ ਰਸ਼ੀਦ ਅਤੇ ਡੇਅਰੀ ਵਿਕਾਸ ਵਿਭਾਗ ਦੇ ਕਰਮਚਾਰੀਆਂ ਸੁਖਵਿੰਦਰ ਸਿੰਘ, ਅੰਕਿਤ ਕਪੂਰ ਤੇ ਅਨੁਰਾਗਦੀਪ ਕੌਰ ਨੇ ਦੁੱਧ ਉਤਪਾਦਕਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪਸ਼ੂਆਂ ਦੀ ਸੰਤੁਲਿਤ ਖੁਰਾਕ, ਹਰੇ ਚਾਰੇ ਦੀ ਮਹੱਤਤਾ ਅਤੇ ਵਿਗਿਆਨਕ ਢੰਗ ਨਾਲ ਡੇਅਰੀ ਫਾਰਮਿੰਗ ਕਰਨ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਡੇਅਰੀ ਫਾਰਮ ਸ਼ੁਰੂ ਕਰਨ ਅਤੇ ਮੌਜੂਦਾ ਫਾਰਮ ਦਾ ਵਿਸਥਾਰ ਕਰਨ ਲਈ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਡੇਅਰੀ ਕਰਜ਼ਾ ਕੇਸਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਦੁੱਧ ਉਤਪਾਦਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਅਤੇ ਆਧੁਨਿਕ ਤਕਨੀਕਾਂ ਅਪਣਾ ਕੇ ਡੇਅਰੀ ਕਿੱਤੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਪ੍ਰੇਰਿਤ ਕੀਤਾ।