ਨਿਗਮ ਦੀ ਮੀਟਿੰਗ ’ਚ ਕੌਂਸਲਰਾਂ ਨਾਲ ਧੱਕੇਸ਼ਾਹੀ ਲੋਕਤੰਤਰ ਦਾ ਅਪਮਾਨ : ਚੀਮਾ ਜ਼ਰੂਰੀ ਖ਼ਬਰ-ਨਗਰ ਨਿਗਮ ਦੀ ਹਾਊਸ ਮੀਟਿੰਗ ’ਚ ਕੌਂਸਲਰਾਂ ਨਾਲ ਧੱਕੇਸ਼ਾਹੀ ਲੋਕਤੰਤਰ ਦਾ ਅਪਮਾਨ-ਚੀਮਾ
Publish Date: Tue, 13 Oct 2026 09:59 PM (IST)
Updated Date: Wed, 14 Oct 2026 04:12 AM (IST)
-ਮਹਿਲਾ ਕੌਂਸਲਰ ਨਾਲ ਬਦਸਲੂਕੀ, ਗੌਰਵ ਭੱਟੀ ਤੇ ਗੌਰਵਜੀਤ ਗੋਰਾ ਨਾਲ ਧੱਕੇਸ਼ਾਹੀ ਦੀ ਨਿਖੇਧੀ 44) ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਮਹਿਲਾ ਕੌਂਸਲਰ ਨਾਲ ਕਥਿਤ ਬਦਸਲੂਕੀ ਅਤੇ ਗੌਰਵ ਭੱਟੀ ਤੇ ਗੌਰਵਜੀਤ ਗੋਰਾ ਨਾਲ ਪੁਲਿਸ ਵੱਲੋਂ ਕੀਤੀ ਗਈ ਕਥਿਤ ਧੱਕੇਸ਼ਾਹੀ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਦੱਖਣੀ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਦਬਾਉਣਾ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚੀਮਾ ਨੇ ਕਿਹਾ ਕਿ ਨਗਰ ਨਿਗਮ ਦੀ ਹਾਊਸ ਮੀਟਿੰਗ ਸ਼ਹਿਰ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਅਤੇ ਜਨਤਕ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਲਈ ਹੁੰਦੀ ਹੈ, ਪਰ ਜੇਕਰ ਇਸੇ ਮੰਚ ’ਤੇ ਕੌਂਸਲਰਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਵੀ ਸੰਘਰਸ਼ ਕਰਨਾ ਪਵੇ ਅਤੇ ਉਨ੍ਹਾਂ ਨਾਲ ਬਦਸਲੂਕੀ ਹੋਵੇ, ਤਾਂ ਇਹ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਆਪਣੇ ਹੀ ਕੌਂਸਲਰ ਮੇਅਰ ਇੰਦਰਜੀਤ ਕੌਰ ਦੀ ਕਾਰਜਪ੍ਰਣਾਲੀ ਦੇ ਖ਼ਿਲਾਫ਼ ਆਵਾਜ਼ ਉਠਾਉਂਦੇ ਨਜ਼ਰ ਆ ਰਹੇ ਹਨ। ਜਦੋਂ ਸੱਤਾਧਾਰੀ ਪਾਰਟੀ ਦੇ ਨੁਮਾਇੰਦੇ ਹੀ ਸੰਤੁਸ਼ਟ ਨਹੀਂ ਹਨ, ਤਾਂ ਸ਼ਹਿਰ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਕੌਣ ਸੁਣੇਗਾ। ਮੇਅਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਚੀਮਾ ਨੇ ਕਿਹਾ ਕਿ ਨਗਰ ਨਿਗਮ ਵਿੱਚ ਪੈਦਾ ਹੋਏ ਇਸ ਵਿਵਾਦ ਦੀ ਨੈਤਿਕ ਜ਼ਿੰਮੇਵਾਰੀ ਮੇਅਰ ਇੰਦਰਜੀਤ ਕੌਰ ਨੂੰ ਲੈਣੀ ਚਾਹੀਦੀ ਹੈ। ਜੇਕਰ ਮੇਅਰ ਆਪਣੇ ਹੀ ਸਦਨ ਵਿੱਚ ਚੁਣੇ ਹੋਏ ਨੁਮਾਇੰਦਿਆਂ ਲਈ ਸਨਮਾਨਜਨਕ ਅਤੇ ਸੁਚਾਰੂ ਮਾਹੌਲ ਯਕੀਨੀ ਨਹੀਂ ਬਣਾ ਸਕਦੇ, ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਬਾਰੇ ਮੁੜ ਵਿਚਾਰ ਕਰਦਿਆਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।