- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁੱਖ ਸਾਗਰ ਚੈਰੀਟੇਬਲ ਡਿਸਪੈਂਸਰੀ ਵਿਖੇ ਓਪੀਡੀ ਸੇਵਾਵਾਂ ਦੀ ਸ਼ੁਰੂਆਤ

ਪਲਵਿੰਦਰ ਸਿੰਘ ਢੁੱਡੀਕੇ,ਪੰਜਾਬੀ ਜਾਗਰਣ, ਲੁਧਿਆਣਾ
ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖੀ ਦੇ ਸਿਧਾਂਤਾਂ ਨੂੰ ਦੁਨੀਆ ਭਰ ਵਿੱਚ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਜਵੱਦੀ ਟਕਸਾਲ ਵੱਲੋਂ ਮਨੁੱਖਤਾ ਦੀ ਸੇਵਾ ਦੇ ਖੇਤਰ ’ਚ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਇਲਾਕੇ ਦੀਆਂ ਸੰਗਤ ਤੇ ਟਕਸਾਲ ਦੇ ਵਿਦਿਆਰਥੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਸੁੱਖ ਸਾਗਰ ਚੈਰੀਟੇਬਲ ਡਿਸਪੈਂਸਰੀ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਓਪੀਡੀ. ਸੇਵਾਵਾਂ ਸ਼ੁਰੂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਸਿੱਖੀ ਦੇ ਮੂਲ ਸਿਧਾਂਤਾਂ ਵਿੱਚੋਂ ਇੱਕ ਹੈ। ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ, ਨਿਮਰਤਾ ਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਦਿਆਂ ਜਵੱਦੀ ਟਕਸਾਲ ਵੱਲੋਂ ਧਾਰਮਿਕ, ਅਧਿਆਤਮਿਕ ਅਤੇ ਸਮਾਜਿਕ ਕਾਰਜਾਂ ਦੇ ਨਾਲ-ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੀ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਸੁੱਖ ਸਾਗਰ ਚੈਰੀਟੇਬਲ ਡਿਸਪੈਂਸਰੀ ਇਲਾਕੇ ਦੀਆਂ ਸੰਗਤਾਂ ਅਤੇ ਲੋੜਵੰਦ ਲੋਕਾਂ ਲਈ ਸਿਹਤ ਸਹੂਲਤਾਂ ਦਾ ਇੱਕ ਅਹਿਮ ਕੇਂਦਰ ਬਣ ਰਹੀ ਹੈ। ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਚੱਲ ਰਹੀ ਇਸ ਡਿਸਪੈਂਸਰੀ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਨਵੀਆਂ ਚੈੱਕਅੱਪ ਮਸ਼ੀਨਾਂ ਸਥਾਪਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮਰੀਜ਼ਾਂ ਨੂੰ ਬਿਹਤਰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਾਹਿਰ ਡਾਕਟਰਾਂ ਦੀਆਂ ਓਪੀਡੀ. ਸੇਵਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਡਾ. ਹਰਜਾਪ ਸਿੰਘ ਧਵਨ, ਐੱਮਬੀਬੀਐੱਸ., ਡੀਸੀਐੱਚ (ਫਿਜ਼ੀਓਥੈਰੇਪੀ) ਵੱਲੋਂ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮਰੀਜ਼ਾਂ ਦਾ ਚੈੱਕਅੱਪ ਕੀਤਾ ਜਾਵੇਗਾ। ਇਸੇ ਤਰ੍ਹਾਂ ਡਾ. ਬਰਿੰਦਰ ਸਿੰਘ ਪੌਲ, ਐੱਮਬੀਬੀਐੱਸ. (ਨਿਊਰੋ) ਵੱਲੋਂ ਹਰ ਐਤਵਾਰ ਸਵੇਰੇ 9 ਵਜੇ ਤੋਂ 10 ਵਜੇ ਤੱਕ ਅਤੇ ਡਾ. ਹਰਮੀਤ ਸਿੰਘ ਸੈਣੀ (ਹਰਜਸ ਫਿਜ਼ੀਓਥੈਰੇਪੀ) ਵੱਲੋਂ ਹਰ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰੇ 12 ਵਜੇ ਤੱਕ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ।