- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਭਾਜਪਾ ਦਾ ਪ੍ਰਦਰਸ਼ਨ, ਸੀਬੀਆਈ ਜਾਂਚ ਦੀ ਮੰਗ

-ਡੀਸੀ ਰਾਹੀਂ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ, ਲੁਧਿਆਣਾ
ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਪੰਜਾਬ ਭਾਜਪਾ ਦੇ ਸੱਦੇ ’ਤੇ ਲੁਧਿਆਣਾ ਵਿੱਚ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿੱਲ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਭਾਜਪਾ ਨੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦੀ ਮੰਗ ਕੀਤੀ। ਪਾਰਟੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਕਥਿਤ ਤੌਰ ’ਤੇ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਗਰਮ ਸਨ। ਭਾਜਪਾ ਆਗੂਆਂ ਨੇ ਇਸ ਘਟਨਾ ਨੂੰ ਗੰਭੀਰ ਦੱਸਦਿਆਂ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ। ਪਾਰਟੀ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਘਟਨਾ ਨਾਲ ਜੁੜੇ ਤੱਥ ਸਾਹਮਣੇ ਆ ਸਕਣ। ਮੰਗ ਪੱਤਰ ਵਿੱਚ ਮਾਮਲੇ ਨਾਲ ਸਬੰਧਤ ਡਿਜੀਟਲ ਸਬੂਤ ਸੁਰੱਖਿਅਤ ਰੱਖਣ ਦੀ ਵੀ ਅਪੀਲ ਕੀਤੀ। ਇਨ੍ਹਾਂ ’ਚ ਕਾਲ ਰਿਕਾਰਡ, ਵ੍ਹਟਸਐਪ ਚੈਟ, ਸੀਸੀਟੀਵੀ ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਸਮੇਤ ਹੋਰ ਸੰਬੰਧਿਤ ਰਿਕਾਰਡ ਸ਼ਾਮਲ ਹਨ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਅਨਿਲ ਸਰੀਨ, ਰਜਨੀਸ਼ ਧੀਮਾਨ ਤੇ ਜੀਵਨ ਗੁਪਤਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।