- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵੀ ਹੁਣ ਅਸੁਰੱਖਿਅਤ-ਕਾਕਾ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਸੂਬੇ ’ਚ ਨਸ਼ਿਆਂ ਦੀ ਸਮੱਸਿਆ ਜਿੱਥੇ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ, ਉੱਥੇ ਹੀ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਵੀ ਵੱਡਾ ਸਵਾਲ ਬਣਦੀ ਜਾ ਰਹੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਉੱਪ ਪ੍ਰਧਾਨ ਸਰਬਜੀਤ ਸਿੰਘ ਕਾਕਾ ਨੇ ਗੱਲਬਾਤ ਦੌਰਾਨ ਕੀਤਾ। ਇਨ੍ਹਾਂ ਘਟਨਾਵਾਂ ਨੂੰ ਸਿਰਫ਼ ਵੱਖ-ਵੱਖ ਅਪਰਾਧਕ ਮਾਮਲਿਆਂ ਵਜੋਂ ਦੇਖਣ ਦੀ ਬਜਾਏ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਦੇ ਪੱਖ ਤੋਂ ਵੀ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਕਾਕਾ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਦੇ ਬਾਵਜੂਦ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਤੇ ਗੈਰ-ਕਾਨੂੰਨੀ ਵਿਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਨ ਲਈ ਹੋਰ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਮਹਿਸੂਸ ਹੁੰਦੀ ਹੈ। ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਸਿਰਫ਼ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਨਤੀਜੇ ਦਿਖਾਉਣੇ ਚਾਹੀਦੇ ਹਨ। ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਦੀ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ।