- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ਼ ਦੇ ਠੇਕਾ ਕਾਮਿਆਂ ਨੇ ਬੱਸ ਅੱਡਿਆਂ ਅੱਗੇ ਕੀਤੀਆਂ ਗੇਟ ਰੈਲੀਆਂ

42)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਦੇ ਸਮੂਹ ਬੱਸ ਅੱਡਿਆਂ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਰਾਜ ਸੱਤਾ ਮਿਲਦਿਆਂ ਹੀ ਸਾਰੇ ਵਾਅਦਿਆਂ ਨੂੰ ਠੁੱਡਾ ਮਾਰ ਦਿੱਤਾ।ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਮੁੱਖ ਮੁੱਦਿਆਂ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ,ਨਸ਼ਾ ਖਤਮ ਕਰਨ, ਰੇਤ, ਟਰਾਂਸਪੋਰਟ,ਕੇਬਲ ਮਾਫੀਆ ਸਮੇਤ ਸਾਰੇ ਮਾਫੀਆ ਖਤਮ ਕਰਨ ਵਿੱਚ ਸਰਕਾਰ ਫੇਲ੍ਹ ਹੀ ਨਹੀਂ ਹੋਈ ਉਲਟਾ ਨਸ਼ੇ ਦੇ ਸੌਦਾਗਰਾਂ ਨਾਲ ਮਿਲ ਚੁੱਕੀ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਹਰ ਰੋਜ਼ ਦਰਜਨਾਂ ਕੁੜੀਆਂ ਮੁੰਡੇ ਚਿੱਟੇ ਨਾਲ ਮਰ ਰਹੇ ਹਨ ਅਤੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਵੀ ਨਸ਼ੇ ਦੇ ਸੌਦਾਗਰਾਂ ਨੂੰ ਦਿੱਤੀਆਂ ਗਈਆਂ ਖੁੱਲ੍ਹਾ ਹਨ। ਪੰਜਾਬ ਦੇ ਜਾਗਦੇ ਜ਼ਮੀਰ ਵਾਲੇ ਲੋਕਾਂ ਵਲੋਂ ਅੱਜ ਪੰਜਾਬ ਬੰਦ ਕੀਤਾ ਗਿਆ ਹੈ ਜਿਸ ਦੀ ਯੂਨੀਅਨ ਵਲੋਂ ਹਮਾਇਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਾਮਿਆਂ ਦੀਆਂ ਜਾਇਜ਼ ਮੰਗਾਂ ਸਬੰਧੀ ਹੁਣ ਤੱਕ ਲਗਭਗ ਸਰਕਾਰ ਨਾਲ 70 ਤੋਂ 75 ਮੀਟਿੰਗਾਂ ਹੋ ਚੁੱਕੀਆਂ ਹਨ,ਪਰ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਕਾਮਿਆਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਯੂਨੀਅਨ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਹੈ ਕਿ ਸਰਕਾਰ ਕੀਤੇ ਵਾਅਦੇ ਭੁੱਲ ਚੁੱਕੀ ਹੈ ਜਿਸ ਕਾਰਨ ਮੁਲਾਜ਼ਮਾਂ ਦੀਆਂ ਮੰਗਾਂ ਲਗਾਤਾਰ ਲਟਕਦੀਆਂ ਜਾ ਰਹੀਆਂ ਹਨ। ਇਸ ਮੌਕੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੱਬੂ ਨੇ ਮੰਗ ਕੀਤੀ ਕਿ ਸਰਕਾਰ ਬਿਨਾਂ ਕਿਸੇ ਦੇਰੀ ਦੇ 2026 ਦੇ ਬਿੱਲ ਤਹਿਤ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਕਰਨ,ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਪੱਕਾ ਕਰਨ ਅਤੇ ਸੰਘਰਸ਼ ਦੌਰਾਨ ਦਰਜ ਕੀਤੇ ਗਏ ਨਾਜਾਇਜ਼ ਪਰਚੇ ਰੱਦ ਕਰਕੇ ਸਰਕਾਰ ਤੁਰੰਤ ਮੰਗਾਂ ਪੂਰੀਆਂ ਕਰਕੇ ਨੋਟੀਫਿਕੇਸ਼ਨ ਜਾਰੀ ਕਰੇ। ਸਹਾਇਕ ਸਕੱਤਰ ਗੁਰਵਿੰਦਰ ਸਿੰਘ ਅਤੇ ਸਤਿਗੁਰੂ ਸਿੰਘ ਨੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਸ਼ੋਸ਼ਣ ਵਿਰੁੱਧ 21 ਅਕਤੂਬਰ ਤੋਂ ਪੰਜਾਬ ਭਰ ਵਿੱਚ ਰੋਡਵੇਜ਼ ਕਾਮੇ ਮੁਕੰਮਲ ਹੜਤਾਲ ਕਰਕੇ ਵਿਧਾਨ ਸਭਾ ਸ਼ੈਸ਼ਨ ਦਾ ਘਿਰਾਓ ਕਰਨਗੇ ਅਤੇ ਬੱਸਾਂ ਦਾ ਚੱਕਾ ਜਾਮ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਕਾਮਿਆਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਜਥੇਬੰਦੀ ਵੱਲੋਂ ਪੱਕਾ ਧਰਨਾ ਲਗਾਇਆ ਜਾਵੇਗਾ।ਇਸ ਮੌਕੇ ਅਮਰੀਕ ਸਿੰਘ, ਇੰਦਰਜੀਤ ਸਿੰਘ ਅਤੇ ਮਲਕੀਤ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ ।
--