- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢੰਡਾਰੀ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਵੈਟ ਓਟੀਐਸ ਦੀ ਤਰੀਕ ਵਧਾਉਣ ਦਾ ਸਵਾਗਤ

-ਵੈਲਫੇਅਰ ਐਸੋਸੀਏਸ਼ਨ ਵੱਲੋਂ ਵੈਟ ਓਟੀਐੱਸ ਦੀ ਤਰੀਕ ਵਧਾਉਣ ਦਾ ਸਵਾਗਤ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਢੰਡਾਰੀ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੱਕੜ ਨੇ ਪੰਜਾਬ ਸਰਕਾਰ ਵੱਲੋਂ ਪੁਰਾਣੇ ਵੈਟ ਕੇਸਾਂ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ (ਐਟੀਐਸ) ਸਕੀਮ ਦੀ ਆਖਰੀ ਤਰੀਕ 30 ਸਤੰਬਰ ਤੋਂ ਵਧਾ ਕੇ 30 ਨਵੰਬਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਯੋਗ ਵਪਾਰੀਆਂ ਤੇ ਸਨਅਤਕਾਰਾਂ ਨੂੰ ਆਪਣੇ ਪੁਰਾਣੇ ਟੈਕਸ ਕੇਸਾਂ ਦੇ ਨਿਪਟਾਰੇ ਲਈ ਵਾਧੂ ਸਮਾਂ ਮਿਲੇਗਾ। ਉਨ੍ਹਾਂ ਨੇ ਸਰਕਾਰ ਤੋਂ ਜੀਐੱਸਟੀ ਰਿਫੰਡ ਦਾ ਮਸਲਾ ਵੀ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ।
ਮੱਕੜ ਨੇ ਕਿਹਾ ਕਿ ਓਟੀਐੱਸ ਸਕੀਮ ਤਹਿਤ ਲਾਗੂ ਸ਼ਰਤਾਂ ਅਨੁਸਾਰ ਜੁਰਮਾਨੇ ਤੋਂ ਛੋਟ ਲੈਂਦਿਆਂ ਮੂਲ ਬਕਾਇਆ ਟੈਕਸ ਦੀ 50 ਫ਼ੀਸਦੀ ਰਕਮ ਜਮ੍ਹਾਂ ਕਰਵਾ ਕੇ ਪੁਰਾਣੇ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਯੋਗ ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਦਯੋਗ ਜਗਤ ਸਰਕਾਰ ਨੂੰ ਟੈਕਸ ਦੇਣ ਦੇ ਨਾਲ-ਨਾਲ ਲੋਕਾਂ ਨੂੰ ਰੁਜ਼ਗਾਰ ਦੇਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਇਸ ਦੇ ਬਾਵਜੂਦ ਕਈ ਸਨਅਤਕਾਰਾਂ ਨੂੰ ਆਪਣੇ ਜਾਇਜ਼ ਜੀਐੱਸਟੀ ਰਿਫੰਡ ਲੈਣ ਲਈ ਮਹੀਨਿਆਂ ਤੱਕ ਉਡੀਕ ਕਰਨੀ ਪੈ ਰਹੀ ਹੈ। ਉਨ੍ਹਾਂ ਅਨੁਸਾਰ ਰਿਫੰਡ ਵਿੱਚ ਦੇਰੀ ਕਾਰਨ ਉਦਯੋਗਾਂ ਦੀ ਕਾਰਜਕਾਰੀ ਪੂੰਜੀ ਫਸ ਜਾਂਦੀ ਹੈ, ਜਿਸ ਨਾਲ ਕਾਰੋਬਾਰ ਚਲਾਉਣ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਮੱਕੜ ਨੇ ਕਿਹਾ ਕਿ ਰਿਫੰਡ ਦੀਆਂ ਫਾਈਲਾਂ ਬਿਨਾਂ ਕਾਰਨ ਲਟਕਾਉਣ ਅਤੇ ਇਤਰਾਜ਼ ਜਾਂ ਨੋਟਿਸ ਜਾਰੀ ਕਰਨ ਸਬੰਧੀ ਸ਼ਿਕਾਇਤਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਰਿਫੰਡ ਜਾਰੀ ਕਰਨ ਬਦਲੇ ਕਥਿਤ ਤੌਰ ’ਤੇ ਗੈਰ-ਕਾਨੂੰਨੀ ਪੈਸੇ ਮੰਗਣ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ। ਉਨ੍ਹਾਂ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਲੰਬੇ ਸਮੇਂ ਤੋਂ ਰੁਕੇ ਸਾਰੇ ਯੋਗ ਰਿਫੰਡ ਪਹਿਲ ਦੇ ਆਧਾਰ ’ਤੇ ਜਾਰੀ ਕੀਤੇ ਜਾਣ ਤੇ ਰਿਫੰਡ ਦੀ ਪ੍ਰਕਿਰਿਆ ਲਈ ਸਪੱਸ਼ਟ ਸਮਾਂ-ਸੀਮਾ ਤੈਅ ਕੀਤੀ ਜਾਵੇ, ਤਾਂ ਜੋ ਸਨਅਤਕਾਰਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਾਉਣੇ ਪੈਣ। ਮੱਕੜ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਸਲੇ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਦਯੋਗ ਜਗਤ ਆਪਣੇ ਹੱਕਾਂ ਲਈ ਸਾਂਝੇ ਤੌਰ ’ਤੇ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗਾ। ਸਨਅਤਕਾਰ ਇਸ ਮੁੱਦੇ ਨੂੰ ਆਉਣ ਵਾਲੀਆਂ ਚੋਣਾਂ ਦੌਰਾਨ ਵੀ ਉਠਾਉਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਦਯੋਗ ਜਗਤ ਦਾ ਉਦੇਸ਼ ਸਰਕਾਰ ਨਾਲ ਟਕਰਾਅ ਕਰਨਾ ਨਹੀਂ, ਸਗੋਂ ਉਦਯੋਗਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਦਿਵਾਉਣਾ ਹੈ।