- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਅਦਾ ਖ਼ਿਲਾਫ਼ੀ ਵਿਰੁੱਧ ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਤੇਜ਼

-21-22 ਅਕਤੂਬਰ ਨੂੰ ਸਮੂਹਿਕ ਛੁੱਟੀ ਤੇ 28 ਨੂੰ ਦਿੜ੍ਹਬਾ ’ਚ ਧਰਨਾ ਲਾਉਣ ਦਾ ਕੀਤਾ ਐਲਾਨ
ਸੁਰੇਸ਼ ਕੁਮਾਰ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਤੇਜ਼ ਹੋਣ ਜਾ ਰਿਹਾ ਹੈ। ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਨੇ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿੱਚ ਸ਼ਾਮਲ ਹੋਣ ਅਤੇ 28 ਅਕਤੂਬਰ ਨੂੰ ਦਿੜਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦੇ ਘਿਰਾਓ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਫੈੱਡਰੇਸ਼ਨ ਦੀ ਵਰਕਿੰਗ ਕਮੇਟੀ ਦੀ ਈਸੜੂ ਭਵਨ ਸਥਿਤ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ।
ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਅਤੇ ਏਕਤਾ ਮੰਚ ਦੇ ਕਨਵੀਨਰ ਮਨਜੀਤ ਸਿੰਘ ਬਾਸਰਕੇ ਨੇ ਕੀਤੀ। ਬਾਸਰਕੇ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਏਕਤਾ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਤਹਿਤ ਫੈਡਰੇਸ਼ਨ ਏਟਕ ਦੇ ਮੁਲਾਜ਼ਮ ਵੀ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣਗੇ।
ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਏਕਤਾ ਮੰਚ ਤੇ ਜੁਆਇੰਟ ਫੋਰਮ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਸਥਿਤ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਰੋਸ ਮੁਜ਼ਾਹਰੇ ’ਚ ਵੀ ਏਟਕ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾਵੇਗੀ। ਬਾਸਰਕੇ ਨੇ ਕਿਹਾ ਕਿ ਬਿਜਲੀ ਨਿਗਮ ਸਮੇਤ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈਣ ਕਾਰਨ ਲੋਕਾਂ ਨੂੰ ਹੋਣ ਵਾਲੀ ਸੰਭਾਵੀ ਪਰੇਸ਼ਾਨੀ ਲਈ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੇ ਵਾਅਦਿਆਂ ਤੋਂ ਮੁੱਕਰਨ ਦੀ ਨੀਤੀ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਦੀ ਲੜਾਈ ’ਚ ਸਾਥ ਦੇਣ ਤੇ ਧਰਨਿਆਂ ਤੇ ਮੁਜ਼ਾਹਰਿਆਂ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਸਿਰਫ਼ ਮੁਲਾਜ਼ਮਾਂ ਤੱਕ ਸੀਮਤ ਨਹੀਂ, ਸਗੋਂ ਇਨ੍ਹਾਂ ਦਾ ਸਬੰਧ ਵਿਆਪਕ ਜਨਹਿੱਤ ਨਾਲ ਵੀ ਹੈ। ਮੀਟਿੰਗ ’ਚ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਅਕਾਲਗੜ੍ਹ, ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸੈਣੀ, ਮੋਹਣ ਸਿੰਘ ਗਿੱਲ, ਜਸਵਿੰਦਰ ਸਿੰਘ ਅਤੇ ਅਰੁਣ ਕੁਮਾਰ (ਮੀਤ ਪ੍ਰਧਾਨ), ਗੁਰਪ੍ਰੀਤ ਸਿੰਘ ਮਹਿਦੂਦਾਂ ਤੇ ਲਖਵੀਰ ਸਿੰਘ (ਸਕੱਤਰ), ਖ਼ਜ਼ਾਨਚੀ ਦਵਿੰਦਰ ਸਿੰਘ, ਸਹਾਇਕ ਖ਼ਜ਼ਾਨਚੀ ਮਨਜਿੰਦਰ ਸਿੰਘ ਸਮੇਤ ਵੱਖ-ਵੱਖ ਸਰਕਲਾਂ ਦੇ ਆਗੂ ਹਾਜ਼ਰ ਸਨ।