- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐੱਮ ਦੀ ਕੁਰਸੀ ਦੇ ਸੁਪਨੇ ਦੇਖਣ ਵਾਲੇ ਜਨਤਾ ਦਾ ਵਿਸ਼ਵਾਸ ਜਿੱਤਣ -ਸਾਹਨੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੇ ਹਲਕਾ ਆਤਮ ਨਗਰ ਤੋਂ ਸੀਨੀਅਰ ਆਗੂ ਮੁਕੇਸ਼ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਰੋਧੀ ਪਾਰਟੀਆਂ ਨੂੰ ਸਖ਼ਤ ਲਹਿਜ਼ੇ ’ਚ ਦਿੱਤੇ ਗਏ ਸਿਆਸੀ ਸੰਦੇਸ਼ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਕੋਈ ਵਿਰਾਸਤੀ ਜਾਇਦਾਦ ਨਹੀਂ, ਜਿਸ ਉੱਤੇ ਸਿਰਫ਼ ਖ਼ਾਨਦਾਨੀ ਪਛਾਣ ਜਾਂ ਸਿਆਸੀ ਜੋੜ-ਤੋੜ ਦੇ ਆਧਾਰ ’ਤੇ ਕਬਜ਼ਾ ਕੀਤਾ ਜਾ ਸਕੇ। ਇਸ ਉੱਚੇ ਅਹੁਦੇ ਤੱਕ ਪਹੁੰਚਣ ਲਈ ਦੇਸ਼ ਦੀ ਜਨਤਾ ਦਾ ਵਿਸ਼ਵਾਸ, ਸਮਰਥਨ ਤੇ ਲੋਕਤੰਤਰੀ ਫਤਵਾ ਹਾਸਲ ਕਰਨਾ ਪੈਂਦਾ ਹੈ। ਹਲਕਾ ਆਤਮ ਨਗਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਕੇਸ਼ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸਖ਼ਤ ਸਿਆਸੀ ਸੰਦੇਸ਼ ਰਾਹੀਂ ਵਿਰੋਧੀ ਧਿਰਾਂ ਨੂੰ ਇਹ ਅਹਿਸਾਸ ਕਰਵਾਇਆ ਹੈ ਕਿ ਸਿਰਫ਼ ਪ੍ਰਧਾਨ ਮੰਤਰੀ ਬਣਨ ਦੇ ਸੁਪਨੇ ਦੇਖਣ ਜਾਂ ਕੁਰਸੀ ਹਾਸਲ ਕਰਨ ਦੀ ਲਾਲਸਾ ਰੱਖਣ ਨਾਲ ਦੇਸ਼ ਦੀ ਵਾਗਡੋਰ ਨਹੀਂ ਸੰਭਾਲੀ ਜਾ ਸਕਦੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਪਹਿਲਾਂ ਦੇਸ਼ ਦੇ ਲੋਕਾਂ ਵਿੱਚ ਜਾਣਾ ਚਾਹੀਦਾ ਹੈ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਆਪਣੀਆਂ ਨੀਤੀਆਂ ਦੇ ਆਧਾਰ ’ਤੇ ਵੋਟਰਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ।