ਬੀਬੀ ਕਿਰਨਦੀਪ ਕੌਰ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਨਾਲ ਮੁਲਾਕਾਤ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਪੰਜਾਬ ਕਾਂਗਰਸ ਇੰਚਾਰਜ ਨਾਲ ਕੀਤੀ ਮੁਲਾਕਾਤ
Publish Date: Sun, 18 Oct 2026 10:18 PM (IST)
Updated Date: Mon, 19 Oct 2026 04:10 AM (IST)
35 ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਲੁਧਿਆਣਾ ਦਿਹਾਤੀ ਵਿੱਚ ਮਹਿਲਾ ਕਾਂਗਰਸ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਸਿਆਸਤ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਦੱਸਿਆ ਕਿ ਗੱਲਬਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਨੂੰ 33 ਫ਼ੀਸਦੀ ਟਿਕਟਾਂ ਦੇਣ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਮਹਿਲਾਵਾਂ ਨੂੰ ਉਨ੍ਹਾਂ ਦੀ ਯੋਗਤਾ, ਮਿਹਨਤ ਅਤੇ ਜਥੇਬੰਦਕ ਯੋਗਦਾਨ ਦੇ ਆਧਾਰ ’ਤੇ ਬਣਦੀ ਨੁਮਾਇੰਦਗੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਮਹਿਲਾਵਾਂ ਨੂੰ ਚੋਣਾਂ ਵਿੱਚ ਢੁੱਕਵੀਂ ਨੁਮਾਇੰਦਗੀ ਮਿਲਣ ਨਾਲ ਨਾ ਸਿਰਫ਼ ਉਨ੍ਹਾਂ ਦਾ ਸਿਆਸੀ ਮਨੋਬਲ ਵਧੇਗਾ, ਸਗੋਂ ਪਾਰਟੀ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਸਚਿਨ ਪਾਇਲਟ ਨੇ ਮਹਿਲਾ ਕਾਂਗਰਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਤੇ ਮੌਕੇ ਦੇਣ ਲਈ ਹਾਂ-ਪੱਖੀ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ ਦੀਆਂ ਨੀਤੀਆਂ ਅਤੇ ਜਥੇਬੰਦਕ ਫ਼ੈਸਲਿਆਂ ਵਿੱਚ ਮਹਿਲਾਵਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਥਾਂ ਮਿਲੇਗੀ।