- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੀ ਸਰਕਾਰ ਬਦਲੇਗੀ ਪੰਜਾਬ ਦੀ ਤਕਦੀਰ-ਮਿਸ਼ਰਾ

-ਪੂਰਵਾਂਚਲ ਸੈੱਲ ਦੇ ਸੂਬਾ ਪ੍ਰਧਾਨ ਬਣਨ ’ਤੇ ਸਮਾਜਿਕ ਆਗੂਆਂ ਵੱਲੋਂ ਸਨਮਾਨਿਤ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਵੱਲੋਂ ਨਿਗਮ ਲੁਧਿਆਣਾ ਦੇ ਕੌਂਸਲਰ ਰਾਜੇਸ਼ ਮਿਸ਼ਰਾ ਨੂੰ ਪੰਜਾਬ ਭਾਜਪਾ ਦੇ ਪੂਰਵਾਂਚਲ ਸੈੱਲ ਦਾ ਮੁੜ ਪ੍ਰਧਾਨ ਬਣਾਏ ਜਾਣ ’ਤੇ ਸਮਾਜ ਦੇ ਪ੍ਰਮੁੱਖ ਵਿਅਕਤੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਾਜੇਸ਼ ਮਿਸ਼ਰਾ ਨੇ ਪਾਰਟੀ ਦੀ ਕੇਂਦਰੀ, ਸੂਬਾਈ ਤੇ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਜੇਸ਼ ਮਿਸ਼ਰਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਕਾਸ ਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਏ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਗੈਂਗਸਟਰਵਾਦ, ਨਸ਼ਿਆਂ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ਨੇ ਲੋਕਾਂ ਦੀਆਂ ਚਿੰਤਾਵਾਂ ਵਧਾਈਆਂ ਹਨ। ਨਸ਼ਿਆਂ ਦੀ ਸਮੱਸਿਆ ਕਾਰਨ ਪੰਜਾਬ ਦੇ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਤੇ ਸੂਬੇ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕੇਂਦਰੀ ਸਕੀਮਾਂ ਤੇ ਸਹੂਲਤਾਂ ਦਾ ਜ਼ਿਕਰ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਸੁਰੱਖਿਆ ਤੇ ਖ਼ੁਸ਼ਹਾਲੀ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਜ਼ਰੂਰੀ ਹੈ। ਪੂਰਵਾਂਚਲ ਸੈੱਲ ਪੰਜਾਬ ਦੇ ਹਰ ਕੋਨੇ ’ਚ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਏਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸੈੱਲ ਦੇ ਵਰਕਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਐੱਸਐੱਸ, ਕੌਂਸਲਰ ਪਤੀ ਕੁਲਵੰਤ ਸਿੰਘ ਕਾਂਤੀ, ਰਮੇਸ਼ ਪਾਂਡੇ, ਰਾਜ ਬਹਾਦੁਰ ਪਾਲ, ਵਰਿੰਦਰ ਮਿਸ਼ਰਾ, ਐਡਵੋਕੇਟ ਜੈ ਪ੍ਰਕਾਸ਼ ਮਿਸ਼ਰਾ, ਜੀਆ ਲਾਲ ਵਰਮਾ, ਭੁਲਾਈ ਗੁਪਤਾ, ਰਾਮ ਜਨਕ ਵਰਮਾ, ਜੇਪੀ ਤਿਵਾੜੀ, ਅੰਮ੍ਰਿਤ ਪਾਲ, ਨੀਰਜ ਸ਼੍ਰੀਵਾਸਤਵ, ਜਨਕ ਪਾਂਡੇ ਅਤੇ ਮੁਕੇਸ਼ ਕੁਮਾਰ ਸਮੇਤ ਸਮਾਜ ਦੇ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਸਨ।