- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਮੁਹਿੰਮ ਚਲਾਏਗੀ ਕਾਂਗਰਸ : ਵੜਿੰਗ

ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ / ਸਾਹਨੇਵਾਲ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨੀਂ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਨਿਵਾਸ ਸਥਾਨ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੜਿੰਗ ਨੇ ਚੋਣਾਂ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਚੋਣ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਨਾਕਾਮ ਸੂਬਾ ਬਣਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਚੋਣਾਂ ਨੇੜੇ ਆ ਰਹੀਆਂ ਹਨ, ਇਸ ਲਈ ਹਰ ਆਗੂ ਨੂੰ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਵੜਿੰਗ ਨੇ ਪਾਰਟੀ ਆਗੂਆਂ ਨੂੰ ਕਮਰ ਕੱਸ ਕੇ ਹਮਲਾਵਰ ਤਰੀਕੇ ਨਾਲ ਚੋਣ ਮੁਹਿੰਮ ਸ਼ੁਰੂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੀ ਸਭ ਤੋਂ ਵੱਡੀ ਪਹਿਲ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਾ ਹੈ। ਇਸ ਲਈ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਾ ਵੀ ਲਾਜ਼ਮੀ ਹੈ। ਲੋਕ ਪਹਿਲਾਂ ਹੀ ਇਸ ਭ੍ਰਿਸ਼ਟ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਅੱਜ ‘ਆਪ’ ਦਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੀ ਖ਼ੁਸ਼ਹਾਲੀ ਨੂੰ ਤਬਾਹ ਕਰ ਦਿੱਤਾ ਹੈ, ਜਦਕਿ ਪੰਜਾਬ ਦੇ ਲੋਕ ਮਜ਼ਬੂਤੀ ਨਾਲ ਕਾਂਗਰਸ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੂਰਾ ਸੂਬਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਆਮ ਆਦਮੀ ਤੋਂ ਲੈ ਕੇ ਸਨਅਤਕਾਰਾਂ, ਕਾਰੋਬਾਰੀਆਂ, ਵਪਾਰੀਆਂ ਅਤੇ ਪੇਸ਼ੇਵਰ ਵਰਗ ਤੱਕ ਹਰ ਕੋਈ ਪ੍ਰੇਸ਼ਾਨ ਹੈ। ਸੂਬੇ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ, ਅਪਰਾਧਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਕਤਲ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ ਜਦਕਿ ਬਾਅਦ ਵਿੱਚ ਵੜਿੰਗ ਨੇ ਇਸ ਮੀਟਿੰਗ ਨੂੰ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ, ਕਿਹਾ ਕਿ ਆਗਾਮੀ ਚੋਣਾਂ ਵਿੱਚ ‘ਆਪ’ ਸਰਕਾਰ ਦਾ ਮੁਕਾਬਲਾ ਕਰਨ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਮੰਤਰੀ ਰਾਕੇਸ਼ ਪਾਂਡੇ; ਸਾਬਕਾ ਵਿਧਾਇਕ ਕੁਲਦੀਪ ਵੈਦ ਅਤੇ ਸੁਰਿੰਦਰ ਡਾਵਰ; ਸਾਬਕਾ ਵਿਧਾਇਕ ਅਤੇ ਜਿਲ੍ਹਾ ਕਾਂਗਰਸ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸੰਜੇ ਤਲਵਾੜ; ਪੀਪੀਸੀਸੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ; ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ; ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ; ਸਾਬਕਾ ਵਿਧਾਇਕ ਬਲਵਿੰਦਰ ਬੈਂਸ; ਸਾਬਕਾ ਚੇਅਰਮੈਨ ਕੇਕੇ. ਬਾਵਾ; ਡੀਵਾਈਸੀ ਦੇ ਪ੍ਰਧਾਨ ਮਨਰਾਜ ਠੁਕਰਾਲ; ਮਨਜੀਤ ਹੰਬੜਾਂ; ਦਰਸ਼ਨ ਬੀਰਮੀ; ਇੰਦਰਜੀਤ ਕਪੂਰ ਅਤੇ ਨਿੱਕੀ ਰਾਇਤ ਸ਼ਾਮਲ ਸਨ।