- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰਧਮਾਨ ਸਪੈਸ਼ਲ ਸਟੀਲਜ਼ ਨੇ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਲਈ ਆਈਕੇਐਫ ਨੂੰ 10 ਲੱਖ ਰੁਪਏ ਦੀ ਦਿੱਤੀ ਸਹਾਇਤਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਉੱਭਰ ਰਹੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀਐੱਸਐੱਸਐੱਲ) ਵੱਲੋਂ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਪਹਿਲਕਦਮੀ ਤਹਿਤ ਅਹਿਮ ਉਪਰਾਲਾ ਕੀਤਾ ਗਿਆ। ਕੰਪਨੀ ਵੱਲੋਂ ‘ਖੇਲ ਪ੍ਰੋਤਸਾਹਨ’ ਪ੍ਰੋਜੈਕਟ ਅਧੀਨ ਪੰਜਾਬ ਵਿੱਚ ਪਹਿਲੀ ਵਾਰ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਮੰਗਲਵਾਰ ਨੂੰ ਇੰਡੀਅਨ ਖੇਡ ਫੈਡਰੇਸ਼ਨ (ਆਈਕੇਐਫ) ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਨਿਗਮ ਦੇ ਵਧੀਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਰਾਹੀਂ ਸੌਂਪਿਆ ਗਿਆ।ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਲੁਧਿਆਣਾ ਸਮੇਤ ਪੰਜਾਬ ਦੇ ਹੋਰ ਜ਼ਿਲ੍ਹਿਆਂ ਦੇ ਨੌਜਵਾਨਾਂ ਵਿੱਚ ਫੁੱਟਬਾਲ ਨੂੰ ਉਤਸ਼ਾਹਿਤ ਕਰਨਾ ਅਤੇ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਪੇਸ਼ੇਵਰ ਖੇਡ ਸਿਖਲਾਈ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਉੱਚੀਆਂ ਪ੍ਰਾਪਤੀਆਂ ਕਰ ਸਕਣ। ਇਸ ਮੌਕੇ ਨਿਗਮ ਦੇ ਵਧੀਕ ਕਮਿਸ਼ਨਰ ਨੇ ਵਰਧਮਾਨ ਸਟੀਲਜ਼ ਦੇ ਚੇਅਰਮੈਨ ਸਚਿਤ ਜੈਨ ਤੇ ਕਾਰਜਕਾਰੀ ਨਿਰਦੇਸ਼ਕ ਸੌਮਿਆ ਜੈਨ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕੀਤੀ। ਵਰਧਮਾਨ ਸਟੀਲਜ਼ ਦੇ ਮੁਖੀ ਅਮਿਤ ਧਵਨ ਨੇ ਕਿਹਾ ਕਿ ਕੰਪਨੀ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਕੰਪਨੀ ਵੱਲੋਂ ਲੁਧਿਆਣਾ ਕੇਅਰਜ਼ ਸੋਸਾਇਟੀ ਦੇ ਸਹਿਯੋਗ ਨਾਲ ਦਸ ਸਰਕਾਰੀ ਸਕੂਲਾਂ ਵਿੱਚ ਬਾਸਕਟਬਾਲ ਅਤੇ ਬੈਡਮਿੰਟਨ ਦੀ ਸਿਖਲਾਈ ਦੇਣ ਲਈ ਵੀ ਸਮਝੌਤਾ ਕੀਤਾ ਗਿਆ ਹੈ। ਇਨ੍ਹਾਂ ਖੇਡ ਪ੍ਰੋਜੈਕਟਾਂ ਲਈ ਕੁੱਲ 15 ਲੱਖ ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ’ਚ ਅੱਗੇ ਵਧਣ ਦੇ ਬਿਹਤਰ ਮੌਕੇ ਮਿਲ ਸਕਣ।