- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਡਵੇਜ ਦੇ ਕੱਚੇ ਕਾਮਿਆਂ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਰੋਡਵੇਜ਼/ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਅੱਜ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਾਂਗ ਲੁਧਿਆਣਾ ’ਚ ਵੀ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ•। ਸਰਕਾਰ ਨਾਲ ਅੱਜ ਹੋਈ ਮੀਟਿੰਗ ਦੌਰਾਨ ਕਾਮਿਆਂ ਦੀਆਂ ਮੰਗਾਂ ਦਾ ਕੋਈ ਵੀ ਹੱਲ ਨਾ ਨਿਕਲਣ ’ਤੇ ਜਥੇਬੰਦੀ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਸਰਕਾਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਸਬੰਧੀ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਕੱਲ੍ਹ 22 ਅਕਤੂਬਰ ਨੂੰ ਰੋਡਵੇਜ਼ ਦੇ ਸਮੂਹ ਕੱਚੇ ਕਾਮਿਆਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਜੋ ਟਰਾਂਸਪੋਰਟ ਵਿਭਾਗ ਦੇ ਵੀ ਮੰਤਰੀ ਹਨ,ਦੇ ਹਲਕੇ ਦਿੜਬਾ ’ਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਲੁਧਿਆਣਾ ਸਥਿਤ ਬੱਸ ਅੱਡੇ ’ਚ ਜਥੇਬੰਦੀ ਦੇ ਆਗੂ ਸਤਨਾਮ ਸਿੰਘ ਚੇਅਰਮੈਨ, ਪ੍ਰਧਾਨ ਜਤਿੰਦਰ ਸਿੰਘ ਤੇ ਸਕੱਤਰ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕਰਕੇ ਰੋਸ ਮੁਜ਼ਾਹਰਾ ਕੀਤਾ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ 2026 ਦੇ ਬਿੱਲ ਤਹਿਤ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਕਰਨ, ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਪੱਕਾ ਕਰਨ ਅਤੇ ਸੰਘਰਸ਼ ਦੌਰਾਨ ਦਰਜ ਕੀਤੇ ਨਾਜਾਇਜ਼ ਪਰਚੇ ਰੱਦ ਕੀਤੇ ਜਾਣ ਤੇ ਤੁਰੰਤ ਮੰਗਾਂ ਪੂਰੀਆਂ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਸੰਘਰਸ਼ ਜਾਰੀ ਰਹੇਗਾ। ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਕਰਕੇ ਆਉਣ-ਜਾਣ ਵਾਲੀਆਂ ਸਵਾਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।