- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੁੱਟੀ ਭਰ ਕੇ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਸੁਰੇਸ਼ ਕੁਮਾਰ, ਪੰਜਾਬੀ ਜਾਗਰਣ, ਲੁਧਿਆਣਾ
ਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਮੁਲਾਜ਼ਮ ਤੇ ਪੈਨਸ਼ਨਰਜ਼ ਮੰਚ ਪੰਜਾਬ ਅਤੇ ਫਰੰਟ ਪੰਜਾਬ ਦੇ ਸੱਦੇ ’ਤੇ 21 ਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਭਰ ਕੇ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੀਐੱਸਈਬੀ ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਲੁਧਿਆਣਾ ਇਕਾਈ ਵੱਲੋਂ ਸਿਟੀ ਸੈਂਟਰ ਡਵੀਜ਼ਨ ਵਿਖੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਕੀਤੀ। ਇਸ ਮੌਕੇ ਐਫੀ ਦੇ ਮੈਂਬਰ ਰਸ਼ਪਾਲ ਸਿੰਘ ਪਾਲੀ ਤੇ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਬਨਵੈਤ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ 17 ਜੁਲਾਈ 2020 ਤੇ 15 ਜਨਵਰੀ 2015 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਨਹੀਂ ਕੀਤੇ ਜਾਂਦੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਹੁੰਦੀ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਨਵੀਂ ਭਰਤੀ ਰੈਗੂਲਰ ਕਰਨ ਸਬੰਧੀ ਠੋਸ ਫ਼ੈਸਲੇ ਨਹੀਂ ਲਏ ਜਾਂਦੇ, ਉਦੋਂ ਤੱਕ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨੂੰ ਅਣਸੁਣਿਆ ਕੀਤਾ ਤਾਂ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਡੀਏ ਦੇ ਮੁੱਦੇ ’ਤੇ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ 18 ਫ਼ੀਸਦੀ ਡੀਏ ਦੇਣ ਦੀ ਮੰਗ ਵਿੱਚੋਂ 8 ਫ਼ੀਸਦੀ ਡੀਏ ਲਿਆ ਗਿਆ ਹੈ, ਜਦਕਿ ਬਾਕੀ ਰਹਿੰਦਾ 10 ਫ਼ੀਸਦੀ ਡੀਏ ਵਿਆਜ ਸਮੇਤ ਲੈਣ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਉਹ ਲੋਕਾਂ ਤੱਕ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਪਹੁੰਚਾ ਰਹੇ ਹਨ ਅਤੇ ਆਪਣੇ ਸਾਕ-ਸਬੰਧੀਆਂ ਨੂੰ ਵੀ ‘ਆਪ’ ਨੂੰ ਮੁੜ ਵੋਟ ਨਾ ਪਾਉਣ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਅਸ਼ੋਕ ਕੁਮਾਰ ਬੰਗੜ, ਮੁਨੀਸ਼ ਕੁਮਾਰ, ਦਵਿੰਦਰ ਸਿੰਘ, ਦੀਪਕ ਕੁਮਾਰ, ਸਿੰਗਾਰਾ ਸਿੰਘ, ਸਾਹਿਲ ਡਾਂਗ, ਅਮਰ ਬਹਾਦਰ, ਲਖਵੀਰ ਸਿੰਘ, ਪਾਰਸ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।