- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਲੁਧਿਆਣਾ ਪੁਲਿਸ ਲਾਈਨਜ਼ ’ਚ ਸ਼ਹੀਦਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ, 65 ਪਰਿਵਾਰਾਂ ਦਾ ਕੀਤਾ ਸਨਮਾਨ

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ
ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੁੱਧਵਾਰ ਨੂੰ ਪੁਲਿਸ ਲਾਈਨਜ਼, ਲੁਧਿਆਣਾ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ਹੀਦਾਂ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਯੋਗਦਾਨ ਨੂੰ ਸਲਾਮ ਕਰਦਿਆਂ 65 ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਦੇਸ਼ ਦੀ ਸੁਰੱਖਿਆ ਪ੍ਰਤੀ ਸਮਰਪਣ ਦੀ ਮਿਸਾਲ ਦੱਸਦਿਆਂ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਸਮਾਗਮ ’ਚ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਪੁਲਿਸ ਇਕਾਈਆਂ ਦੇ ਕਰਮਚਾਰੀਆਂ ਅਤੇ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਸ਼ਰਧਾਂਜਲੀ ਸਮਾਰੋਹ ਦੌਰਾਨ ਪੁਲਿਸ ਦੀ ਟੁਕੜੀ ਵੱਲੋਂ ਸਨਮਾਨ ਵਜੋਂ ਪਰੇਡ ਕੀਤੀ, ਜਿਸ ਵਿੱਚ ਇੱਕ ਰਾਜਪੱਤਰਿਤ ਅਧਿਕਾਰੀ, ਦੋ ਗੈਰ-ਰਾਜਪੱਤਰਿਤ ਅਧਿਕਾਰੀ, ਚਾਰ ਹੌਲਦਾਰ ਅਤੇ 20 ਸਿਪਾਹੀ ਸ਼ਾਮਲ ਸਨ। ਇਸ ਦੌਰਾਨ ਬਿਗੁਲ ’ਤੇ ਵਿਛੜ ਚੁੱਕੇ ਜਵਾਨਾਂ ਦੀ ਯਾਦ ਵਿੱਚ ਅੰਤਿਮ ਸਲਾਮੀ ਦੀ ਧੁੰਨ ਵਜਾਈ ਤੇ ਸਾਰੇ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਹਾਇਕ ਪੁਲਿਸ ਕਮਿਸ਼ਨਰ ਰੂਪ ਦੀਪ ਕੌਰ, ਪੀਪੀਐੱਸ., ਨੇ ਉਨ੍ਹਾਂ ਪੁਲਿਸ ਸ਼ਹੀਦਾਂ ਨੂੰ ਯਾਦ ਕੀਤਾ, ਜਿਨ੍ਹਾਂ ਨੇ ਪਹਿਲੀ ਸਤੰਬਰ 2025 ਤੋਂ 31 ਅਗਸਤ 2026 ਦਰਮਿਆਨ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਡਿਪਟੀ ਕਮਿਸ਼ਨਰ ਪੁਲਿਸ ਅਰਵਿੰਦ ਮੀਨਾ, ਆਈਪੀਐੱਸ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਤੇ ਉਨ੍ਹਾਂ ਦੇ ਬਲੀਦਾਨ ਪ੍ਰਤੀ ਸਤਿਕਾਰ ਪ੍ਰਗਟਾਇਆ। ਅਧਿਕਾਰੀਆਂ ਵੱਲੋਂ ਪਰਿਵਾਰਾਂ ਨੂੰ ਸਨਮਾਨਿਤ ਕਰਨ ਉਪਰੰਤ ਸ਼ਹੀਦ ਸਮਾਰਕ ਵਿਖੇ ਫੁੱਲ-ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਪਹਿਲਕਦਮੀ ਰਾਹੀਂ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਅਤੇ ਸਾਂਝ ਨੂੰ ਵੀ ਉਜਾਗਰ ਕੀਤਾ ਗਿਆ। ਪੁਲਿਸ ਯਾਦਗਾਰੀ ਦਿਵਸ ਤੋਂ ਪਹਿਲਾਂ 15 ਅਕਤੂਬਰ ਤੋਂ ਯਾਦਗਾਰੀ ਹਫ਼ਤੇ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਪੁਲਿਸ ਲਾਈਨਜ਼ ਸਥਿਤ ਡੀ.ਏ.ਵੀ. ਪਬਲਿਕ ਸਕੂਲ ਵਿੱਚ ਚਿੱਤਰਕਾਰੀ ਮੁਕਾਬਲਾ ਕਰਵਾਇਆ ਗਿਆ, ਜਦਕਿ ਸ਼ਹਿਰ ਦੇ ਮਾਲਾਂ ਅਤੇ ਬਾਜ਼ਾਰਾਂ ਸਮੇਤ ਵੱਖ-ਵੱਖ ਜਨਤਕ ਥਾਵਾਂ ’ਤੇ ਪੁਲਿਸ ਬੈਂਡ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਕੁਰਬਾਨੀ ਅਤੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ। ਯਾਦਗਾਰੀ ਹਫ਼ਤੇ ਦੌਰਾਨ ਇੱਕ ਮਿੰਨੀ ਦੌੜ ਵੀ ਕਰਵਾਈ ਗਈ, ਜਿਸ ਵਿੱਚ ਪੁਲਿਸ ਅਧਿਕਾਰੀਆਂ ਦੇ ਨਾਲ ਲੁਧਿਆਣਾ ਵਾਸੀਆਂ ਨੇ ਵੀ ਵੱਡੀ ਗਿਣਤੀ ਵਿੱਚ ਭਾਗ ਲਿਆ।
-21 ਅਕਤੂਬਰ 1959 ਨੂੰ ਚੀਨੀ ਫ਼ੌਜ ਵੱਲੋਂ ਹੋਏ ਹਮਲੇ ’ਚ 10 ਪੁਲਿਸ ਜਵਾਨ ਸ਼ਹੀਦ ਹੋਏ ਸਨ
ਪੁਲਿਸ ਯਾਦਗਾਰੀ ਦਿਵਸ ਦਾ ਸਬੰਧ 21 ਅਕਤੂਬਰ 1959 ਦੀ ਉਸ ਘਟਨਾ ਨਾਲ ਹੈ, ਜਦੋਂ ਲੱਦਾਖ ਦੇ ਹੌਟ ਸਪ੍ਰਿੰਗਜ਼ ਇਲਾਕੇ ਵਿੱਚ ਚੀਨੀ ਫ਼ੌਜਾਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਗਸ਼ਤੀ ਟੁਕੜੀ ’ਤੇ ਹਮਲਾ ਕਰ ਦਿੱਤਾ ਸੀ। ਇਸ ਟੁਕੜੀ ਦੀ ਅਗਵਾਈ ਉਪ-ਨਿਰੀਖਕ ਕਰਮ ਸਿੰਘ ਕਰ ਰਹੇ ਸਨ ਤੇ ਹਮਲੇ ’ਚ 10 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਜਵਾਨਾਂ ਦੀ ਕੁਰਬਾਨੀ ਦੀ ਯਾਦ ਵਿੱਚ ਹਰ ਸਾਲ 21 ਅਕਤੂਬਰ ਨੂੰ ਦੇਸ਼ ਭਰ ਵਿੱਚ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੀ ਨਿਰਸਵਾਰਥ ਸੇਵਾ, ਹੌਸਲੇ ਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕੀਤਾ ਜਾਂਦਾ ਹੈ।