- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੂਨਦਾਨ ਮਨੁੱਖਤਾ ਦੀ ਸੇਵਾ ਦਾ ਉੱਤਮ ਕਾਰਜ : ਸਮਰਤਾ ਕੌਰ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਸੋਸ਼ਲ ਵਰਕਰਜ਼ ਵੈਲਫੇਅਰ ਸੁਸਾਇਟੀ ਵੱਲੋਂ ਹੈਲਥ ਬ੍ਰਿਜ ਪ੍ਰੋਜੈਕਟ ਤਹਿਤ ਸਰਕਾਰੀ ਕਾਲਜ ਈਸਟ, ਲੁਧਿਆਣਾ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਪਹਿਲਾ ਖੂਨਦਾਨ ਕੈਂਪ ਲਾਇਆ। ਇਸ ਮੌਕੇ ਭਾਜਪਾ ਪੰਜਾਬ ਦੇ ਬੇਟੀ ਬਚਾਓ, ਬੇਟੀ ਪੜ੍ਹਾਓ ਸੈੱਲ ਦੀ ਕਨਵੀਨਰ ਸਮਰਤਾ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਕੈਂਪ ਦੌਰਾਨ ਉਨ੍ਹਾਂ ਖੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਉੱਤਮ ਕੰਮ ਹੈ। ਇਕ ਵਿਅਕਤੀ ਵੱਲੋਂ ਕੀਤਾ ਗਿਆ ਖ਼ੂਨ ਦਾਨ ਕਿਸੇ ਲੋੜਵੰਦ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਅਜਿਹੇ ਉਪਰਾਲੇ ਬੇਹੱਦ ਮਹੱਤਵਪੂਰਨ ਹਨ। ਖੂਨਦਾਨ ਵਰਗੇ ਨੇਕ ਕਾਰਜ ਲੋਕਾਂ ਨੂੰ ਮਨੁੱਖਤਾ ਦੀ ਭਲਾਈ ਵਾਸਤੇ ਅੱਗੇ ਆਉਣ ਲਈ ਪ੍ਰੇਰਦੇ ਹਨ। ਇਸ ਮੌਕੇ ਸਮਰਤਾ ਕੌਰ ਨੇ ਕੈਂਪ ਦੇ ਸਫ਼ਲ ਆਯੋਜਨ ਲਈ ਸੋਸ਼ਲ ਵਰਕਰਜ਼ ਵੈਲਫੇਅਰ ਸੁਸਾਇਟੀ ਦੀ ਸਮੁੱਚੀ ਟੀਮ ਅਤੇ ਖੂਨਦਾਨੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸਮਰਤਾ ਕੌਰ ਨੇ ਸੰਸਥਾ ਦੇ ਫਾਊਂਡਰ ਪ੍ਰਧਾਨ ਅਮਿਤ ਵਰਮਾ ਸਮੇਤ ਪ੍ਰਬੰਧਕਾਂ, ਵਲੰਟੀਅਰਾਂ ਤੇ ਖੂਨਦਾਨੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।