- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਝੋਟੇ ਦੇ ਕਤਲ ਵਿਰੁੱਧ ਜਥੇਬੰਦੀਆਂ ਨੇ ਸਰਕਾਰ, ਪੁਲਿਸ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਦਾ ਪੁਤਲਾ ਫੂਕਿਆ

-ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਨਸ਼ਾ ਤਸਕਰਾਂ ਵਿਰੁੱਧ ਸੰਘਰਸ਼ ਕਰਦਿਆਂ ਕਤਲ ਕੀਤੇ ਗਏ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਵੱਖ-ਵੱਖ ਜਨਤਕ, ਨੌਜਵਾਨ, ਜਮਹੂਰੀ, ਤਰਕਸ਼ੀਲ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ, ਸੁਨੇਤ ਵਿਖੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਪੰਜਾਬ ਸਰਕਾਰ, ਪੁਲਿਸ ਤੇ ਨਸ਼ਾ ਤਸਕਰਾਂ ਦੇ ਕਥਿਤ ਗੱਠਜੋੜ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਮਹੂਰੀ ਕਾਰਕੁਨ ਪ੍ਰੋ. ਜਗਮੋਹਨ ਸਿੰਘ ਅਤੇ ਤਰਕਸ਼ੀਲ ਆਗੂ ਜਸਵੰਤ ਜ਼ੀਰਖ ਨੇ ਦੋਸ਼ ਲਾਇਆ ਕਿ ‘ਆਪ’ ਦੀ ਸਰਕਾਰ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ, ਪਰ ਨਸ਼ਿਆਂ ਦੀ ਸਮੱਸਿਆ ਹਾਲੇ ਵੀ ਗੰਭੀਰ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਕਾਰਕੁਨਾਂ ਅਤੇ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਆਗੂਆਂ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਤੇ ਬੇਰੁਜ਼ਗਾਰੀ ਨਾਲ ਜੂਝ ਰਹੇ ਨੌਜਵਾਨ ਵੀ ਇਸ ਸਮੱਸਿਆ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ਼ਤਿਹਾਰਬਾਜ਼ੀ ਦੀ ਬਜਾਏ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਥੇਬੰਦ ਹੋ ਕੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਤੋਂ ਜਵਾਬਦੇਹੀ ਯਕੀਨੀ ਬਣਾਉਣ ਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਸੁਰੱਖਿਆ ਲਈ ਆਵਾਜ਼ ਉਠਾਉਣ। ਇਸ ਰੋਸ ਮੁਜ਼ਾਹਰੇ ’ਚ ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ ਪੰਜਾਬ, ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਯੂਨੀਵਰਸਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਅਤੇ ਇਨਕਲਾਬੀ ਮਜ਼ਦੂਰ ਕੇਂਦਰ ਦੇ ਆਗੂਆਂ ਤੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਡਾ. ਹਰਬੰਸ ਗਰੇਵਾਲ, ਸੁਖਬੀਰ ਸਿੰਘ ਸੋਖੀ, ਬਲਵਿੰਦਰ ਸਿੰਘ ਲਾਲਬਾਗ, ਗੁਰਮੇਲ ਸਿੰਘ ਗਿੱਲ, ਹਰਪ੍ਰੀਤ ਜ਼ੀਰਖ, ਤਜਿੰਦਰ ਕੁਮਾਰ, ਮੀਨੂੰ, ਕਲਪਨਾ, ਮਧੂ, ਰਾਕੇਸ਼ ਆਜ਼ਾਦ, ਅਰੁਣ ਕੁਮਾਰ, ਸਤੀਸ਼ ਸੱਚਦੇਵਾ, ਡਾ. ਮੋਹਨ ਸਿੰਘ, ਕਾਮਰੇਡ ਸੁਰਿੰਦਰ ਸਿੰਘ, ਚਰਨ ਨੂਰਪੁਰਾ, ਸੁਰਿੰਦਰ ਸਿੰਘ, ਮੀਨੂੰ ਸ਼ਰਮਾ, ਧਰਮਪਾਲ ਸਿੰਘ, ਸਤਨਾਮ ਸਿੰਘ ਧਾਲੀਵਾਲ, ਤਰਸੇਮ ਸਿੰਘ ਪੀਏਯੂ, ਅਜਮੇਰ ਦਾਖਾ, ਪ੍ਰਤਾਪ ਸਿੰਘ, ਜਗਜੀਤ ਸਿੰਘ, ਮਹੇਸ਼ ਕੁਮਾਰ ਤੇ ਹੋਰ ਕਾਰਕੁਨ ਹਾਜ਼ਰ ਸਨ।