- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

-ਗੁਰੂਘਰ ਆਲਮਗੀਰ ’ਚ ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਈ। ਉਪਰੰਤ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਗੁਰਬਾਣੀ ਦੇ ਹਵਾਲਿਆਂ ਰਾਹੀਂ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਤੇ ਗੁਰਬਾਣੀ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੇ ਨਾਲ-ਨਾਲ ਗੁਰਬਾਣੀ ਨਾਲ ਜੁੜਨ ਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਸਾਰਾ ਦਿਨ ਚੱਲੇ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਰਾਗੀ, ਢਾਡੀ, ਕਥਾਵਾਚਕ ਅਤੇ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
ਗੁਰਦੁਆਰਾ ਸਾਹਿਬ ਦਾ ਸਮੁੱਚਾ ਮਾਹੌਲ ਗੁਰਬਾਣੀ ਅਤੇ ਗੁਰੂ ਜਸ ਨਾਲ ਰੂਹਾਨੀ ਰੰਗ ਵਿੱਚ ਰੰਗਿਆ ਰਿਹਾ। ਸਮਾਗਮ ਦੌਰਾਨ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਅਤੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਵੱਲੋਂ ਸੇਵਾ ਨਿਭਾਉਣ ਵਾਲੇ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੀਪ ਸਿੰਘ ਰਾਜੂ ਆਲਮਗੀਰ, ਕੈਸ਼ੀਅਰ ਮਨਪ੍ਰੀਤ ਸਿੰਘ ਮਣੀ ਖੱਟੜਾ, ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਅਕਾਊਂਟੈਂਟ ਅਮਨਦੀਪ ਸਿੰਘ, ਗ੍ਰੰਥੀ ਭਾਈ ਗੁਰਮੀਤ ਸਿੰਘ, ਭਾਈ ਬਘੇਲ ਸਿੰਘ, ਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗ੍ਰੰਥੀ ਭਾਈ ਜਗਰੂਪ ਸਿੰਘ ਜਰਖੜ, ਸਿਕੰਦਰ ਸਿੰਘ ਚੁਬਕੀ, ਭਾਈ ਜਰਨੈਲ ਸਿੰਘ, ਸ਼ਰਨਜੀਤ ਸਿੰਘ ਸ਼ਰਨਾ, ਜਸਵੀਰ ਸਿੰਘ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।