- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

-ਹੱਕੀ ਮੰਗਾਂ ਲਈ ਨੇਤਰਹੀਣ ਅੱਜ ਵਿਧਾਨ ਸਭਾ ਵੱਲ ਕਰਨਗੇ ਰੋਸ ਮਾਰਚ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ. ਲੁਧਿਆਣਾ
ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਫੈਡਰੇਸ਼ਨ ਆਫ ਦਾ ਬਲਾਇੰਡ (ਪੰਜਾਬ ਬ੍ਰਾਂਚ) ਤੇ ਭਾਰਤ ਨੇਤਰਹੀਣ ਸੇਵਕ ਸਮਾਜ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਇਕੱਠੇ ਹੋਏ ਨੇਤਰਹੀਣਾਂ ਨੇ ਪੰਜਾਬ ਵਿਧਾਨ ਸਭਾ ਵੱਲ ਵਿਸ਼ਾਲ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਰੋਸ ਮਾਰਚ ਤੋਂ ਬਾਅਦ ਜਥੇਬੰਦੀਆਂ ਨੇ ਮੁੱਖ ਮੰਤਰੀ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ। ਦਫ਼ਤਰ ਵੱਲੋਂ ਜਥੇਬੰਦੀ ਨੂੰ ਪੱਤਰ ਭੇਜ ਕੇ 29 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਦਾ ਸੱਦਾ ਦਿੱਤਾ ਹੈ। ਮੁਜ਼ਾਹਰਾਕਾਰੀਆਂ ਦੀ ਮੁੱਖ ਮੰਗ ਹੈ ਕਿ ਸਰਕਾਰੀ ਵਿਭਾਗਾਂ ਵਿੱਚ ਨੇਤਰਹੀਣਾਂ ਲਈ ਨਿਰਧਾਰਤ ਇਕ ਫ਼ੀਸਦੀ ਰਾਖਵਾਂ ਕੋਟਾ ਤੁਰੰਤ ਭਰਿਆ ਜਾਵੇ ਤੇ ਦਿਵਿਆਂਗਾਂ ਦੀ ਮਹੀਨਾਵਾਰ ਪੈਨਸ਼ਨ 1500 ਰੁਪਏ ਤੋਂ ਵਧਾ ਕੇ 5000 ਰੁਪਏ ਕੀਤੀ ਜਾਵੇ। ਲੁਧਿਆਣਾ ਦੇ ਜਮਾਲਪੁਰ ਸਥਿਤ ਨੇਤਰਹੀਣਾਂ ਦੀ ਸਰਕਾਰੀ ਸੰਸਥਾ ‘ਬਰੇਲ ਭਵਨ’ ਨੂੰ ਬਾਰ੍ਹਵੀਂ ਤੱਕ ਅਪਗ੍ਰੇਡ ਕਰਨ, ਲੋੜੀਂਦਾ ਸਟਾਫ਼ ਭਰਤੀ ਕਰਨ ਅਤੇ ਇਸੇ ਵਿੱਦਿਅਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਕਰਨ ਦੀ ਮੰਗ ਵੀ ਰੱਖੀ। ਆਗੂਆਂ ਨੇ ਨੇਤਰਹੀਣ ਮੁਲਾਜ਼ਮਾਂ ਅਤੇ ਖਿਡਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਵੀ ਕੀਤੀ। ਰੋਸ ਮਾਰਚ ਦੀ ਅਗਵਾਈ ਨੈਸ਼ਨਲ ਫੈਡਰੇਸ਼ਨ ਆਫ ਦਾ ਬਲਾਇੰਡ ਦੇ ਪੰਜਾਬ ਬ੍ਰਾਂਚ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਚਾਹਲ, ਮੀਡੀਆ ਇੰਚਾਰਜ ਪਰਮਿੰਦਰ ਸਿੰਘ ਫੁੱਲਾਂਵਾਲ, ਭਾਰਤ ਨੇਤਰਹੀਣ ਸੇਵਕ ਸਮਾਜ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਚਾਹਲ, ਵਿਵੇਕ ਮੌਂਗਾ ਤੇ ਅੰਮ੍ਰਿਤਸਰ ਬ੍ਰਾਂਚ ਦੇ ਜਨਰਲ ਸਕੱਤਰ ਜਗਜੀਤ ਸਿੰਘ ਢਿੱਲੋਂ ਨੇ ਕੀਤੀ। ਇਸ ਮੌਕੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਠਿੰਡਾ, ਪਟਿਆਲਾ, ਹੁਸ਼ਿਆਰਪੁਰ, ਨਾਭਾ ਅਤੇ ਹੋਰਨਾਂ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਨੇਤਰਹੀਣ ਆਗੂ ਅਤੇ ਕਾਰਕੁਨ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ 29 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਜੇਕਰ ਸਰਕਾਰ ਨੇ ਮੰਗਾਂ ਦਾ ਠੋਸ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।