- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਬੁੱਢੇ ਦਰਿਆ 'ਚ ਗੋਹਾ ਸੁੱਟਣ ਵਾਲਿਆਂ ਦੀ ਖ਼ੈਰ ਨਹੀਂ, ਹੋਵੇਗੀ ਐੱਫਆਈਆਰ

-ਨਿਗਮ ਕਮਿਸ਼ਨਰ ਦੇ ਹੁਕਮਾਂ ਤਹਿਤ ਦੋਸ਼ੀਆਂ ਦੀਆਂ ਜਾਇਦਾਦਾਂ ਵੀ ਹੋਣਗੀਆਂ ਸੀਲ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਬੁੱਢੇ ਦਰਿਆ ਦੀ ਪੁਨਰ-ਸੁਰਜੀਤੀ ਮੁਹਿੰਮ ਤਹਿਤ ਨਿਗਮ ਨੇ ਦਰਿਆ ਵਿੱਚ ਗੋਹਾ ਤੇ ਡੇਅਰੀ ਰਹਿੰਦ-ਖੂੰਹਦ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਨੇ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਐੱਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਸੀਲ ਕਰਨ ਦੇ ਹੁਕਮ ਦਿੱਤੇ ਹਨ। ਸਰਾਭਾ ਨਗਰ ਸਥਿਤ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਨਿਗਰਾਨੀ ਵਧਾਉਣ ਤੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਨਿਗਮ ਦੇ ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸੰਯੁਕਤ ਕਮਿਸ਼ਨਰ ਤਪਨ ਭਨੋਟ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਐੱਮਟੀਪੀ ਵਿਜੇ ਕੁਮਾਰ ਤੋਂ ਇਲਾਵਾ ਸਿਹਤ ਸ਼ਾਖਾ, ਪੁਲਿਸ ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਹੈਬੋਵਾਲ ਅਤੇ ਤਾਜਪੁਰ ਰੋਡ ਸਥਿਤ ਡੇਅਰੀ ਕੰਪਲੈਕਸਾਂ ਤੋਂ ਗੋਹਾ ਚੁੱਕਣ ਲਈ ਨਿਯੁਕਤ ਠੇਕੇਦਾਰ ਵੀ ਹਾਜ਼ਰ ਸਨ। ਕਮਿਸ਼ਨਰ ਨੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਡੇਅਰੀ ਕੰਪਲੈਕਸਾਂ ਵਿੱਚੋਂ ਗੋਹੇ ਦੀ ਨਿਯਮਤ ਚੁਕਾਈ ਯਕੀਨੀ ਬਣਾਈ ਜਾਵੇ, ਤਾਂ ਜੋ ਇਸ ਨੂੰ ਦਰਿਆ ਜਾਂ ਹੋਰ ਜਲ ਸਰੋਤਾਂ ਵਿੱਚ ਸੁੱਟਣ ਦੀ ਸਮੱਸਿਆ 'ਤੇ ਰੋਕ ਲੱਗ ਸਕੇ। ਡਾ. ਅੰਕੁਰ ਮਹਿੰਦਰੂ ਨੇ ਕਿਹਾ ਕਿ ਸਬੰਧਤ ਅਮਲੇ ਨੂੰ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਐੱਫਆਈਆਰ ਦਰਜ ਕਰਨ ਅਤੇ ਜਾਇਦਾਦਾਂ ਸੀਲ ਕਰਨ ਵਰਗੇ ਕਦਮ ਸ਼ਾਮਲ ਹਨ।ਕਮਿਸ਼ਨਰ ਨੇ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਬੁੱਢੇ ਦਰਿਆ ਵਿੱਚ ਗੋਹਾ ਜਾਂ ਹੋਰ ਡੇਅਰੀ ਰਹਿੰਦ-ਖੂੰਹਦ ਨਾ ਸੁੱਟਣ ਤੇ ਦਰਿਆ ਦੀ ਸਫ਼ਾਈ ਤੇ ਪੁਨਰ-ਸੁਰਜੀਤੀ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਉਣਾ ਸਾਂਝੀ ਜ਼ਿੰਮੇਵਾਰੀ ਹੈ ਤੇ ਇਸ ਲਈ ਸਾਰੇ ਸਬੰਧਤ ਧਿਰਾਂ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।