- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਖੇਤ ਬਚਾਓ ਅਭਿਆਨ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ

-ਐੱਸਡੀਐੱਮ ਬਾਵਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਆ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਲਲਤੋਂ ਕਲਾਂ ਵਿੱਚ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਐੱਸਡੀਐੱਮ ਲੁਧਿਆਣਾ ਪੱਛਮੀ ਕੁਲਦੀਪ ਬਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ, ਇਸ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ, ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਐੱਸਡੀਐੱਮ ਕੁਲਦੀਪ ਬਾਵਾ ਨੇ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਅਤੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਦੱਸਿਆ। ਇੰਜਨੀਅਰ ਅਮਨਪ੍ਰੀਤ ਘਈ ਨੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ। ਡਾ. ਕਰਮਜੀਤ ਸਿੰਘ ਨੇ ਫਾਰਮਰ ਰਜਿਸਟਰੀ ਦੀ ਮਹੱਤਤਾ, ਡਾ. ਸੰਦੀਪ ਸਿੰਘ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ, ਜਦਕਿ ਡਾ. ਰਮਨ ਚੋਪੜਾ ਨੇ ਮਿੱਟੀ ਦੀ ਪਰਖ ਕਰਵਾਉਣ ਦੇ ਫ਼ਾਇਦਿਆਂ ਬਾਰੇ ਜਾਣੂ ਕਰਵਾਇਆ। ਕੈਂਪ ਦੌਰਾਨ ਕਿਸਾਨਾਂ ਦੀ ਫਾਰਮਰ ਰਜਿਸਟਰੀ ਵੀ ਕੀਤੀ ਤੇ ਸਬਸਿਡੀ ’ਤੇ ਉਪਲਬਧ ਕਣਕ ਦੇ ਵੱਖ-ਵੱਖ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਪਿੰਡ ਦੇ ਸਰਪੰਚ, ਪੰਚ, ਸਹਿਕਾਰੀ ਸਭਾ ਦੇ ਸਕੱਤਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਖੇਤੀਬਾੜੀ ਉਪ-ਨਿਰੀਖਕ ਮਨਮਨਿੰਦਰ ਸਿੰਘ ਨੇ ਮੰਚ ਦਾ ਸੰਚਾਲਨ ਕੀਤਾ।