- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਹੋਈ ਅਰਦਾਸ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪੰਜਾਬ ਅੰਦਰ ਨਸ਼ਿਆਂ ਦੇ ਵਧ ਰਹੇ ਕਹਿਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਦੇ ਹੱਕ ਵਿੱਚ ਆਵਾਜ਼ ਉਠਾਉਣ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਅਰਦਾਸ ਸਮਾਗਮ ਕਰਵਾਇਆ। ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਇਆ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਗੁਰੂ ਚਰਨਾਂ ’ਚ ਅਰਦਾਸ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ, ਪੰਜਾਬ ਦੀ ਨੌਜਵਾਨੀ ਦੀ ਚੜ੍ਹਦੀ ਕਲਾ ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਕਾਮਨਾ ਕੀਤੀ। ਗੁਰਦੁਆਰਾ ਸਾਹਿਬ ਦੇ ਸਟਾਫ਼ ਤੇ ਇਲਾਕੇ ਦੀ ਸੰਗਤ ਨੇ ਸਮਾਗਮ ਵਿੱਚ ਸ਼ਾਮਲ ਹੋ ਕੇ ਸਰਬੱਤ ਦੇ ਭਲੇ ਅਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। ਇਸ ਦੌਰਾਨ ਐੱਸਜੀਪੀਸੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਕਿਹਾ ਕਿ ਸਿੱਖ ਧਰਮ ਮਨੁੱਖਤਾ ਨੂੰ ਸੱਚਾਈ, ਇਨਸਾਫ਼ ਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੰਦਾ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਜੂ ਆਲਮਗੀਰ, ਭਾਈ ਬਲਜੀਤ ਸਿੰਘ, ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਹਰਵਿੰਦਰ ਸਿੰਘ ਗ੍ਰੰਥੀ, ਭਾਈ ਮਨਵੀਰ ਸਿੰਘ ਗ੍ਰੰਥੀ, ਭਾਈ ਜਸਵੀਰ ਸਿੰਘ ਗ੍ਰੰਥੀ, ਭਾਈ ਗੁਰਮੀਤ ਸਿੰਘ ਗ੍ਰੰਥੀ, ਭਾਈ ਜਰਨੈਲ ਸਿੰਘ ਜਰਖੜ, ਹਰਪ੍ਰੀਤ ਸਿੰਘ ਸਟੋਰ ਕੀਪਰ, ਪੰਚ ਅੰਮ੍ਰਿਤਪਾਲ ਸਿੰਘ, ਰਵਿੰਦਰ ਸਿੰਘ ਤੇ ਸਿਕੰਦਰ ਸਿੰਘ ਚੁਬਕੀ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸਨ।