- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ:ਤਿਉਹਾਰਾਂ ਦੇ ਮੱਦੇਨਜ਼ਰ ਸਲੇਮ ਟਾਬਰੀ ਪੁਲਿਸ ਐਕਸ਼ਨ ਮੋਡ ਵਿੱਚ

-ਜਲੰਧਰ ਬਾਈਪਾਸ ਚੌਕ ’ਚ ਕਈ ਘੰਟਿਆਂ ਤੱਕ ਨਾਕੇਬੰਦੀ ਦੌਰਾਨ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨੇੜੇ ਆ ਰਹੇ ਤਿਉਹਾਰਾਂ ਦੇ ਮੱਦੇਨਜ਼ਰ ਥਾਣਾ ਸਲੇਮ ਟਾਬਰੀ ਦੀ ਪੁਲਿਸ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ। ਇਲਾਕੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਅਤੇ ਅਪਰਾਧਕ ਸਰਗਰਮੀਆਂ ’ਤੇ ਨੱਥ ਪਾਉਣ ਲਈ ਪੁਲਿਸ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਨ ਦੇ ਨਾਲ-ਨਾਲ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜਲੰਧਰ ਬਾਈਪਾਸ ਚੌਕ ’ਚ ਪੁਲਿਸ ਵੱਲੋਂ ਕਈ ਘੰਟਿਆਂ ਤੱਕ ਨਾਕੇਬੰਦੀ ਕੀਤੀ ਗਈ, ਜਿਸ ਦੌਰਾਨ ਉੱਥੋਂ ਲੰਘਣ ਵਾਲੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ। ਪੁਲਿਸ ਦੀ ਇਸ ਕਾਰਵਾਈ ਦਾ ਮੁੱਖ ਮਕਸਦ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਤੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣਾ ਹੈ। ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਦੀ ਆਵਾਜਾਈ ਵਧਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਪੁਲਿਸ ਪਾਰਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਨ ਦੇ ਨਾਲ-ਨਾਲ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਪੁਲਿਸ ਦੀ ਇਸ ਸਰਗਰਮੀ ਨਾਲ ਜਿੱਥੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਵਿੱਚ ਮਦਦ ਮਿਲੇਗੀ, ਉੱਥੇ ਹੀ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਤੇ ਚੌਕਸੀ ਮੁਹਿੰਮ ਜਾਰੀ ਰਹੇਗੀ।