- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਦੀ ਲੀਡ-ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਏਕਤਾ ਉਗਰਾਹਾਂ ਦਾ ਵਫ਼ਦ ਡੀਆਰ ਨੂੰ ਮਿਲਿਆ

ਲੀਡ) -ਦੋ ਲੱਖ ਤੋਂ ਵੱਧ ਦੀ ਰਕਮ ਬਦਲੇ ਜ਼ਮੀਨ ਗਹਿਣੇ ਰੱਖਣ ਤੇ ਖਾਦਾਂ ਦੀ ਕਮੀ ਦੂਰ ਕਰਨ ਦੀ ਮੰਗ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਲੁਧਿਆਣਾ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ (ਡੀਆਰ) ਤਾਜੇਸ਼ਵਰ ਸਿੰਘ ਨਾਲ ਮੁਲਾਕਾਤ ਕਰਕੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵਿੱਚ ਦਰਪੇਸ਼ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਮੁੱਦਾ ਉਠਾਇਆ। ਇਸ ਦੌਰਾਨ ਕਿਸਾਨ ਆਗੂਆਂ ਨੇ ਹਿੱਸੇਦਾਰੀ ਦੀ ਰਕਮ ’ਚ ਵਾਧਾ ਕਰਨ, ਵੱਡੀ ਰਕਮ ਦੇ ਕਰਜ਼ੇ ਬਦਲੇ ਜ਼ਮੀਨ ਗਹਿਣੇ ਰੱਖਣ ਦੀ ਸ਼ਰਤ ਅਤੇ ਸੁਸਾਇਟੀਆਂ ’ਚ ਡੀਏਪੀ ਤੇ ਯੂਰੀਆ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਸਮੇਤ ਕਈ ਹੋਰ ਮੰਗਾਂ ਜ਼ੋਰਦਾਰ ਢੰਗ ਨਾਲ ਰੱਖੀਆਂ।
ਵਫ਼ਦ ਨੇ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ’ਚ ਕਿਸਾਨਾਂ ਦੀ ਹਿੱਸੇਦਾਰੀ ਦੀ ਰਕਮ ਤਕਰੀਬਨ ਦੁੱਗਣੀ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀਆਂ ਲੋੜਾਂ ਅਨੁਸਾਰ ਵਧੇਰੇ ਵਿੱਤੀ ਸਹੂਲਤ ਮਿਲ ਸਕੇ। ਇਸ ਤੋਂ ਇਲਾਵਾ ਦੋ ਲੱਖ ਰੁਪਏ ਤੋਂ ਵੱਧ ਦੀ ਰਕਮ ਦੇ ਬਦਲੇ ਜ਼ਮੀਨ ਗਹਿਣੇ ਰੱਖਣ ਦੀ ਵਿਵਸਥਾ ਲਾਗੂ ਕਰਨ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਦੀਆਂ ਆਰਥਿਕ ਲੋੜਾਂ ਪੂਰੀਆਂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਇਸ ਲਈ ਇਨ੍ਹਾਂ ਦੀਆਂ ਨੀਤੀਆਂ ਤੇ ਨਿਯਮ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਏ ਜਾਣੇ ਚਾਹੀਦੇ ਹਨ।
ਕੇਂਦਰ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਦੇ ਕੰਮਕਾਜ ਵਿੱਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਬੰਦ ਕਰਨ ਦੀ ਮੰਗ ਵੀ ਚੁੱਕੀ। ਵਫ਼ਦ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਦੇ ਪ੍ਰਬੰਧ ਅਤੇ ਕੰਮ-ਕਾਜ ਸਬੰਧੀ ਫ਼ੈਸਲੇ ਕਿਸਾਨਾਂ ਅਤੇ ਸਹਿਕਾਰੀ ਢਾਂਚੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾਣੇ ਚਾਹੀਦੇ ਹਨ। ਕਿਸਾਨਾਂ ਨੇ ਖਾਦਾਂ ਦੀ ਕਿੱਲਤ ਦਾ ਮੁੱਦਾ ਵੀ ਡੀਆਰ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਬਿਜਾਈ ਅਤੇ ਫ਼ਸਲਾਂ ਦੀ ਲੋੜ ਦੇ ਸਮੇਂ ਸੁਸਾਇਟੀਆਂ ਵਿੱਚ ਡੀਏਪੀ ਅਤੇ ਯੂਰੀਆ ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਝੱਲਣੀਆਂ ਪੈਂਦੀਆਂ ਹਨ। ਇਸ ਲਈ ਸੁਸਾਇਟੀਆਂ ਵਿੱਚ ਦੋਵਾਂ ਖਾਦਾਂ ਦੀ ਲੋੜ ਅਨੁਸਾਰ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਖਾਦ ਲੈਣ ਲਈ ਇੱਧਰ-ਉੱਧਰ ਭਟਕਣਾ ਨਾ ਪਵੇ। ਮੰਗਾਂ ਸਬੰਧੀ ਲੰਮੀ ਗੱਲਬਾਤ ਤੋਂ ਬਾਅਦ ਡੀਆਰ ਤਾਜੇਸ਼ਵਰ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮੌਜੂਦਾ ਸੀਜ਼ਨ ਦੌਰਾਨ ਪੁਰਾਣੀ ਵਿਵਸਥਾ ਅਤੇ ਤਰੀਕਿਆਂ ਅਨੁਸਾਰ ਹੀ ਕੰਮ ਚਲਾਇਆ ਜਾਵੇਗਾ। ਉਨ੍ਹਾਂ ਖਾਦਾਂ ਦੀ ਕਿੱਲਤ ਦੂਰ ਕਰਨ ਦੇ ਮਾਮਲੇ ਵਿੱਚ ਵੀ ਭਰੋਸਾ ਦਿੱਤਾ ਕਿ ਸੁਸਾਇਟੀਆਂ ਨੂੰ ਖਾਦਾਂ ਦੀ ਸਪਲਾਈ ਪਹੁੰਚਾਉਣ ਲਈ ਪੂਰਾ ਜ਼ੋਰ ਲਾਇਆ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਸੀਜ਼ਨ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕਲਾਹੜ, ਰਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਤੀਰਥ ਸਿੰਘ ਤਲਵੰਡੀ ਸਮੇਤ ਹੋਰ ਕਿਸਾਨ ਵੀ ਮੌਜੂਦ ਸਨ।