- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂੁਰੀ ਖ਼ਬਰ-ਗੁਰਮੇਲ ਨਗਰ ਦੇ ਲੋਕਾਂ ਦੀ 30 ਸਾਲ ਪੁਰਾਣੀ ਮੰਗ ਨੂੰ ਪਿਆ ਬੂਰ, ਬਣਨਗੀਆਂ ਗਲੀਆਂ

32
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
ਮਹਾਂਨਗਰ ਦੇ ਵਾਰਡ-36 ਅਧੀਨ ਪੈਂਦੇ ਗੁਰਮੇਲ ਨਗਰ ਦੇ ਲੋਕਾਂ ਦੀ 30 ਸਾਲ ਪੁਰਾਣੀ ਮੰਗ ਆਖਰਕਾਰ ਪੂਰੀ ਹੋਣ ਜਾ ਰਹੀ ਹੈ। ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਅੱਜ ਇਲਾਕੇ ਵਿੱਚ ਆਰਐੱਮਸੀ ਦੀਆਂ ਗਲੀਆਂ ਬਣਾਉਣ ਦੇ ਪ੍ਰਾਜੈਕਟ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ’ਤੇ ਕਰੀਬ 27 ਲੱਖ ਰੁਪਏ ਖਰਚ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਲਗਭਗ 30 ਸਾਲਾਂ ਤੋਂ ਇਲਾਕੇ ਦੀਆਂ ਗਲੀਆਂ ਦਾ ਨਿਰਮਾਣ ਨਹੀਂ ਹੋਇਆ ਸੀ, ਜਿਸ ਕਾਰਨ ਵਸਨੀਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪ੍ਰੋਜੈਕਟ ਸ਼ੁਰੂ ਹੋਣ ’ਤੇ ਇਲਾਕਾ ਨਿਵਾਸੀਆਂ ਨੇ ਮੇਅਰ ਇੰਦਰਜੀਤ ਕੌਰ ਦਾ ਧੰਨਵਾਦ ਕੀਤਾ। ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਲੋਕਾਂ ਦੀਆਂ ਮੰਗਾਂ ਨੂੰ ਹੁਣ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਮੇਅਰ ਨੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਹੋਰ ਵੱਡੇ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ। ਮੇਅਰ ਨੇ ਢੋਲੇਵਾਲ ਇਲਾਕੇ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਵਸਨੀਕਾਂ ਵੱਲੋਂ ਸੀਵਰੇਜ ਅਤੇ ਸਟਰੀਟ ਲਾਈਟਾਂ ਸਬੰਧੀ ਉਠਾਈਆਂ ਗਈਆਂ ਸਮੱਸਿਆਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।