- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਸ਼ੇਰਪੁਰ ਚੌਕ ਵਿਖੇ ਮੇਅਰ ਇੰਦਰਜੀਤ ਕੌਰ ਨੇ ਚਲਾਈ ਸਫ਼ਾਈ ਮੁਹਿੰਮ

-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਭਰ ’ਚ ਸਫ਼ਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ੁੱਕਰਵਾਰ ਸਵੇਰੇ ਸ਼ੇਰਪੁਰ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।
ਮੇਅਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਨਾਲ ਤਾਲਮੇਲ ਕਰਕੇ ਸੜਕ ਦੇ ਹਿੱਸੇ ਵਿੱਚ ਪਈ ਮਸ਼ੀਨਰੀ ਨੂੰ ਹਟਾਉਣ ਲਈ ਵੀ ਕਿਹਾ, ਤਾਂ ਜੋ ਸ਼ਹਿਰ ਦੇ ਸਭ ਤੋਂ ਵਿਅਸਤ ਚੌਕਾਂ ਵਿੱਚੋਂ ਇੱਕ ਸ਼ੇਰਪੁਰ ਚੌਕ ਵਿਖੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਸਫ਼ਾਈ ਮੁਹਿੰਮ ਤਹਿਤ ਕੂੜਾ ਚੁੱਕਣ ਦੇ ਨਾਲ-ਨਾਲ ਲੋੜ ਅਨੁਸਾਰ ਮਲਬਾ ਹਟਾਉਣ ਅਤੇ ਸੀਵਰ ਲਾਈਨਾਂ ਦੀ ਸਫ਼ਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨਾ ਨਗਰ ਨਿਗਮ ਦੀ ਤਰਜੀਹ ਹੈ ਤੇ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਹੋਣੀ ਚਾਹੀਦੀ।ਇਸ ਮੁਹਿੰਮ ਦੌਰਾਨ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਸਿਹਤ ਸ਼ਾਖਾ, ਬੀਐਂਡਆਰ ਸ਼ਾਖਾ ਅਤੇ ਓਐਂਡਐੱਮ ਸੈੱਲ ਦੇ ਅਧਿਕਾਰੀ ਮੌਜੂਦ ਸਨ।
ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਵੱਲੋਂ ਹਾਲ ਹੀ ਵਿੱਚ ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਅਧਿਕਾਰੀਆਂ ਨੂੰ ਪੂਰੇ ਸ਼ਹਿਰ ਵਿੱਚ ਸਫ਼ਾਈ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਦੀਆਂ ਹਦਾਇਤਾਂ ਦਿੱਤੀਆਂ ਸਨ।
ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਿਯਮਤ ਤੌਰ ’ਤੇ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿੱਚ ਕੂੜਾ ਨਾ ਸੁੱਟਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਸਫ਼ਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੇਅਰ ਇੰਦਰਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣਗੇ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।