- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਵੀਐਸਐਸ ਵੱਲੋਂ 17 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮੁਫ਼ਤ ਫੁੱਟਬਾਲ ਟ੍ਰਾਇਲ ਸ਼ੁਰੂ

-ਪਹਿਲੇ ਦਿਨ 200 ਵਿਦਿਆਰਥੀਆਂ ਨੇ ਲਿਆ ਹਿੱਸਾ
-ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਕੀਤਾ ਉਤਸ਼ਾਹਿਤ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਵਰਧਮਾਨ ਸਪੈਸ਼ਲ ਸਟੀਲਜ਼ ਨੇ ਇੰਡੀਆ ਖੇਲੋ ਫੁੱਟਬਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਭਰ ਦੇ 17 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮੁਫ਼ਤ ਫੁੱਟਬਾਲ ਸਿਖਲਾਈ ਅਤੇ ਚੋਣ ਟ੍ਰਾਇਲਾਂ ਦੀ ਸ਼ੁਰੂਆਤ ਕੀਤੀ। ਇਸ ਪਹਿਲ ਦਾ ਮੁੱਖ ਉਦੇਸ਼ ਨੌਜਵਾਨ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਪਛਾਣਨਾ, ਉਨ੍ਹਾਂ ਨੂੰ ਉੱਚ ਪੱਧਰੀ ਸਿਖਲਾਈ ਦੇ ਮੌਕੇ ਪ੍ਰਦਾਨ ਕਰਨਾ ਅਤੇ ਫੁੱਟਬਾਲ ਪ੍ਰਤੀ ਉਨ੍ਹਾਂ ਦੀ ਰੁਚੀ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰੋਗਰਾਮ ਦਾ ਉਦਘਾਟਨ ਵਰਧਮਾਨ ਸਟੀਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਮਨੂਜ ਮਹਿਤਾ, ਨਗਰ ਨਿਗਮ ਲੁਧਿਆਣਾ ਦੇ ਵਧੀਕ ਕਮਿਸ਼ਨਰ ਸ੍ਰੀ ਜਸਦੇਵ ਸਿੰਘ ਸੇਖੋਂ, ਵੀਐੱਸਐੱਲ ਦੇ ਸੀਐੱਸਆਰ ਮੁਖੀ ਅਮਿਤ ਧਵਨ ਅਤੇ ਇੰਡੀਆ ਖੇਲੋ ਫੁੱਟਬਾਲ ਦੇ ਹਿਤੇਸ਼ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ। ਪਹਿਲੇ ਦਿਨ ਕਰਵਾਏ ਗਏ ਟ੍ਰਾਇਲਾਂ ਵਿੱਚ ਲਗਭਗ 200 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮਹਿਮਾਨਾਂ ਨੇ ਨੌਜਵਾਨ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਨੇ ਬੱਚਿਆਂ ਦੇ ਖੇਡਣ ਦੇ ਜਜ਼ਬੇ, ਮਿਹਨਤ ਅਤੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਪ੍ਰੋਜੈਕਟ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਆਪਣੀ ਸੀਐੱਸਆਰ ਪਹਿਲ 'ਖੇਲ ਪ੍ਰੋਤਸਾਹਨ' ਤਹਿਤ ਸਮਰਥਿਤ ਕੀਤਾ ਜਾ ਰਿਹਾ ਹੈ। ਧਵਨ ਨੇ ਦੱਸਿਆ ਕਿ ਇਹ ਪ੍ਰੋਜੈਕਟ ਵੀਐੱਸਐੱਲ ਦੇ ਚੇਅਰਮੈਨ ਸਚਿਤ ਜੈਨ ਤੇ ਕਾਰਜਕਾਰੀ ਡਾਇਰੈਕਟਰ ਸੌਮਿਆ ਜੈਨ ਦੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਫੁੱਟਬਾਲ ਦੇ ਖੇਤਰ ਵਿੱਚ ਅੱਗੇ ਵਧਣ ਲਈ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਸਮਾਜਿਕ ਜ਼ਿੰਮੇਵਾਰੀ ਤਹਿਤ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਅਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।