- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਭਾਗਪੁਰ ਦੇ ਛੱਪੜ ਪ੍ਰੋਜੈਕਟ ਦਾ ਕੰਮ ਹੋਇਆ ਪੂਰਾ

ਗੁਰਦੀਪ ਭਾਮੀਆਂ,ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਗਪੁਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਅਤੇ ਵਾਤਾਵਰਨ ਦੀ ਸੰਭਾਲ ਦੇ ਮਕਸਦ ਨਾਲ ਛੱਪੜ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਪ੍ਰੋਜੈਕਟ ਮੁਕੰਮਲ ਹੋ ਗਿਆ ਹੈ। ਇਹ ਪ੍ਰੋਜੈਕਟ ਪਿੰਡ ਦੇ ਸਰਪੰਚ ਗਗਨਦੀਪ ਸਿੰਘ ਢਿੱਲੋਂ ਦੇ ਉਪਰਾਲੇ ਅਤੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਜੁਝਾਰ ਗਰੁੱਪ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐੱਸ.ਆਰ.) ਫੰਡ ਤਹਿਤ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਲਗਭਗ ਤਿੰਨ ਮਹੀਨਿਆਂ ਵਿੱਚ ਮੁਕੰਮਲ ਕੀਤਾ ਗਿਆ ਹੈ। ਪ੍ਰੋਜੈਕਟ ਦੇ ਉਦਘਾਟਨ ਮੌਕੇ ਸ਼ਰਨਜੀਤ ਸਿੰਘ ਢਿੱਲੋਂ ਨੇ ਜੁਝਾਰ ਗਰੁੱਪ ਅਤੇ ਕੰਪਨੀ ਦੇ ਹੈੱਡ ਗੁਰਦੀਪ ਸਿੰਘ ਜੁਝਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਛੱਪੜਾਂ ਦੇ ਨਵੀਨੀਕਰਨ ਅਤੇ ਗੰਦੇ ਪਾਣੀ ਦੀ ਸੁਚੱਜੀ ਨਿਕਾਸੀ ਲਈ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਾਲ 2027 ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਜੈਕਟ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ, ਤਾਂ ਜੋ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਗਗਨਦੀਪ ਸਿੰਘ ਢਿੱਲੋਂ ਨੇ ਪ੍ਰੋਜੈਕਟ ਸਬੰਧੀ ਦੱਸਿਆ ਕਿ ਸੀ.ਐੱਸ.ਆਰ. ਫੰਡ ਤਹਿਤ ਥਾਪਰ ਪ੍ਰੋਜੈਕਟ, ਨਾਨਕ ਬਗੀਚੀ ਜੰਗਲ ਅਤੇ ਛੱਪੜ ਦੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਕੰਮ ਨੂੰ ਲਗਭਗ ਤਿੰਨ ਮਹੀਨਿਆਂ ’ਚ ਮੁਕੰਮਲ ਕੀਤਾ ਗਿਆ ਹੈ। ਇਸ ਸਮੁੱਚੇ ਪ੍ਰੋਜੈਕਟ ’ਤੇ 1 ਕਰੋੜ 40 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਉਪਰਾਲੇ ਨਾਲ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਵਿੱਚ ਮਦਦ ਮਿਲੇਗੀ ਅਤੇ ਵਾਤਾਵਰਨ ਦੀ ਸੰਭਾਲ ਨੂੰ ਵੀ ਹੁਲਾਰਾ ਮਿਲੇਗਾ। ਇਸ ਮੌਕੇ ਸਿਮਰਨਜੀਤ ਸਿੰਘ ਢਿੱਲੋਂ, ਮੈਂਬਰ ਪੰਚਾਇਤ ਸੁਰਿੰਦਰ ਸਿੰਘ ਸੰਧੂ, ਮੇਵਾ ਸਿੰਘ ਸੰਧੂ, ਸਚਿਨਪ੍ਰੀਤ ਸਿੰਘ ਖਹਿਰਾ, ਕੇਸਰ ਸਿੰਘ, ਗੁਰਲਾਲ ਸਿੰਘ, ਨੀਟਾ ਢਿੱਲੋਂ, ਗੁਰਿੰਦਰ ਬਾਵਾ ਅਤੇ ਗੁਰਮੀਤ ਕੌਰ ਤੋਂ ਇਲਾਵਾ ਪਿੰਡ ਦੇ ਵਸਨੀਕ ਅਤੇ ਸ੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।