- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਚਾਰੂ ਖ੍ਰੀਦ ਲਈ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ-ਹਿਮਾਂਸ਼ੂ ਜੈਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਨੂਰਪੁਰ ਬੇਟ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਟਵਾਉਣ ਤੇ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਕਾਰਨ ਸੁਕਾਉਣ ਲਈ ਵਾਧੂ ਸਮਾਂ ਲੱਗਦਾ ਹੈ, ਜਿਸ ਨਾਲ ਕਿਸਾਨਾਂ ਨੂੰ ਉਡੀਕ ਕਰਨੀ ਪੈ ਸਕਦੀ ਹੈ। ਇਸ ਲਈ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਹੋ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਮੰਡੀ ਵਿੱਚ ਝੋਨੇ ਦੀ ਆਮਦ ਅਨੁਸਾਰ ਖ਼ਰੀਦ ਤੇ ਲਿਫਟਿੰਗ ਦੇ ਕਾਰਜਾਂ ਵਿੱਚ ਬਿਹਤਰ ਤਾਲਮੇਲ ਬਣਾਇਆ ਜਾਵੇ। ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਰ ਫ਼ਸਲ ਲਿਆਉਣ ਲਈ ਲੋੜੀਂਦੀ ਜਗ੍ਹਾ ਉਪਲਬਧ ਰਹੇ। ਉਨ੍ਹਾਂ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਰੌਸ਼ਨੀ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਜੈਨ ਨੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਹਦਾਇਤ ਵੀ ਕੀਤੀ। ਨੂਰਪੁਰ ਬੇਟ ਦੇ ਕਿਸਾਨ ਬਲਵੀਰ ਸਿੰਘ ਅਤੇ ਖਹਿਰਾ ਬੇਟ ਦੇ ਕਿਸਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਣਾ ਮੰਡੀ ਵਿੱਚ ਖ਼ਰੀਦ ਦੇ ਵਧੀਆ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਝੋਨੇ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਹੋ ਰਹੀ ਹੈ ਅਤੇ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵੀ ਕਿਸਾਨਾਂ ਨੂੰ ਸਮੇਂ ਸਿਰ ਕੀਤੀ ਜਾ ਰਹੀ ਹੈ। ਉਨ੍ਹਾਂ ਮੰਡੀ ’ਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।