- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਤਿਉਹਾਰਾਂ ਦੇ ਸੀਜ਼ਨ ’ਚ ਦੁਕਾਨਦਾਰ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਤੰਗ ਕਰਨਾ ਬੰਦ ਕਰੇ ਨਗਰ ਨਿਗਮ-ਮੌਦਗਿਲ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿੱਲ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਗਰ ਨਿਗਮ ਵੱਲੋਂ ਛੋਟੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਤਿਉਹਾਰਾਂ ਦਾ ਸੀਜ਼ਨ ਛੋਟੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਲਈ ਸਾਲ ਭਰ ਦੀ ਕਮਾਈ ਦਾ ਅਹਿਮ ਸਮਾਂ ਹੁੰਦਾ ਹੈ ਪਰ ਨਿਗਮ ਵੱਲੋਂ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀ ਰੋਜ਼ੀ-ਰੋਟੀ ’ਤੇ ਸੱਟ ਮਾਰੀ ਜਾ ਰਹੀ ਹੈ। ਸੁਨੀਲ ਮੋਦਗਿੱਲ ਨੇ ਕਿਹਾ ਕਿ ਅੱਜ ਘੁਮਾਰ ਮੰਡੀ ’ਚ ਨਿਗਮ ਦੀ ਟੀਮ ਵੱਲੋਂ ਦੁਕਾਨਦਾਰਾਂ ਦਾ ਸਾਮਾਨ ਚੁੱਕਣ ਦੇ ਨਾਲ-ਨਾਲ ਭਾਰੀ ਜੁਰਮਾਨਿਆਂ ਦੀਆਂ ਰਸੀਦਾਂ ਕੱਟਣ ਦੀ ਕਾਰਵਾਈ ਕੀਤੀ ਗਈ, ਜੋ ਕਿ ਨਿੰਦਣਯੋਗ ਹੈ। ਇਸ ਕਾਰਵਾਈ ਕਾਰਨ ਛੋਟੇ ਵਪਾਰੀਆਂ ’ਚ ਡਰ ਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਨਿਗਮ ਪ੍ਰਸ਼ਾਸਨ ਨੂੰ ਗਰੀਬ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣਾ ਚਾਹੀਦਾ ਹੈ। ਤਿਉਹਾਰਾਂ ਦੇ ਦਿਨਾਂ ’ਚ ਉਨ੍ਹਾਂ ਨੂੰ ਆਪਣਾ ਕਾਰੋਬਾਰ ਕਰਨ ਲਈ ਸਹਿਯੋਗ ਦੇਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਕਾਰਵਾਈਆਂ ਕਰਕੇ ਉਨ੍ਹਾਂ ਦੀ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਛੋਟੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਪਰੇਸ਼ਾਨ ਕਰਨ ਵਾਲੀ ਕਾਰਵਾਈ ਤੁਰੰਤ ਬੰਦ ਕੀਤੀ ਜਾਵੇ ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਢੁੱਕਵੀਂ ਰਾਹਤ ਦਿੱਤੀ ਜਾਵੇ, ਤਾਂ ਜੋ ਉਹ ਵੀ ਆਪਣੇ ਪਰਿਵਾਰਾਂ ਨਾਲ ਖੁਸ਼ੀਆਂ ਨਾਲ ਤਿਉਹਾਰ ਮਨਾ ਸਕਣ। ਸੁਨੀਲ ਮੋਦਗਿਲ ਨੇ ਕਿਹਾ ਕਿ ਭਾਜਪਾ ਲੁਧਿਆਣਾ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤੇ ਜਲਦ ਹੀ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਛੋਟੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਦੀਆਂ ਸਮੱਸਿਆਵਾਂ ਚੁੱਕੀਆਂ ਜਾਣਗੀਆਂ।