ਨਿਗਮ ਕਮਿਸ਼ਨਰ ਸ਼ਹਿਰ 'ਚ ਸਫ਼ਾਈ ਵਿਵਸਥਾ ਨੂੰ ਲੈਕੇ ਸਖ਼ਤ ਅਹਿਮ ਖ਼ਬਰ:ਨਿਗਮ ਕਮਿਸ਼ਨਰ ਸ਼ਹਿਰ 'ਚ ਸਫ਼ਾਈ ਵਿਵਸਥਾ ਨੂੰ ਲੈਕੇ ਸਖ਼ਤ, ਲਾਪਰਵਾਹੀ ਵਰਤਣ ਵਾਲਿਆਂ ’ਤੇ ਹੋਵੇਗੀ ਕਾਰਵਾਈ
Publish Date: Mon, 02 Nov 2026 08:04 PM (IST)
Updated Date: Tue, 03 Nov 2026 04:03 AM (IST)
-ਲਾਪਰਵਾਹੀ ਵਰਤਣ ਵਾਲਿਆਂ ’ਤੇ ਹੋਵੇਗੀ ਕਾਰਵਾਈ, ਕੁਝ ਥਾਵਾਂ ’ਤੇ ਸ਼ਾਮ ਨੂੰ ਵੀ ਚੁੱਕਿਆ ਜਾਵੇਗਾ ਕੂੜਾ ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ, ਲੁਧਿਆਣਾ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਵਿੱਚੋਂ ਕੂੜਾ ਚੁੱਕਣ ਦੀ ਪ੍ਰਕਿਰਿਆ ਨਿਯਮਤ ਤੌਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫ਼ਾਈ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗਰਾਊਂਡ ਪੱਧਰ ’ਤੇ ਖਾਮੀਆਂ ਮਿਲਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿੱਚ ਹੋਈ ਸਮੀਖਿਆ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿੱਚ ਜੁਆਇੰਟ ਕਮਿਸ਼ਨਰ ਅਮਨਪ੍ਰੀਤ ਸਿੰਘ, ਐੱਸਈ ਸ਼ਾਮ ਲਾਲ ਗੁਪਤਾ, ਸੀਐੱਸਆਈਜ਼ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਕੂੜੇ ਦੇ ਸੰਵੇਦਨਸ਼ੀਲ ਪੁਆਇੰਟਾਂ (ਜੀਵੀਪੀ) ’ਤੇ ਮੁਲਾਜ਼ਮ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ, ਤਾਂ ਜੋ ਲੋਕਾਂ ਵੱਲੋਂ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੀ ਸਮੱਸਿਆ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਕੁਝ ਸਟੈਟਿਕ ਕੰਪੈਕਟਰ ਸਾਈਟਾਂ ਤੋਂ ਸਵੇਰ ਦੀ ਸ਼ਿਫਟ ਦੇ ਨਾਲ-ਨਾਲ ਸ਼ਾਮ ਸਮੇਂ ਵੀ ਕੂੜਾ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸ਼ਹਿਰ ਭਰ ਵਿੱਚ ਸਟੈਟਿਕ ਕੰਪੈਕਟਰ ਸਾਈਟਾਂ ਦੇ ਸਹੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਡਾ. ਮਹਿੰਦਰੂ ਨੇ ਸਬੰਧਤ ਸਟਾਫ਼ ਨੂੰ ਸਫ਼ਾਈ ਦੇ ਕੰਮ ਤੋਂ ਪਹਿਲਾਂ ਅਤੇ ਬਾਅਦ ਦੀਆਂ ਤਸਵੀਰਾਂ ਸਾਂਝੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਗਰਾਊਂਡ ਪੱਧਰ ’ਤੇ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ। ਇਸ ਦੇ ਨਾਲ ਹੀ ਨਗਰ ਨਿਗਮ ਦੇ ਮੁੱਖ ਡੰਪ ਸਾਈਟ ’ਤੇ ਇਕੱਠੇ ਹੋਣ ਵਾਲੇ ਕੂੜੇ ਦੀ ਪ੍ਰੋਸੈਸਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਖੁਦ ਅਚਨਚੇਤ ਨਿਰੀਖਣ ਕਰਕੇ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿੱਚ ਕੂੜਾ ਨਾ ਸੁੱਟਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ---