- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਜ਼ਰੂਰਤਮੰਦ ਪਰਿਵਾਰਾਂ ਦੀਆਂ 25 ਲੜਕੀਆਂ ਦੇ ਅਨੰਦ ਕਾਰਜ ਕਰਵਾਏ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ
ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘਾਂ ਸ਼ਹੀਦਾਂ ਪੁਰਾਣੀ ਚੱਕੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਰਬੱਤ ਦੇ ਭਲੇ ਲਈ ਰੱਖੇ ਸਹਿਜ ਪਾਠਾਂ ਦੇ ਭੋਗ ਪਾਉਣ ਨਾਲ ਹੋਈ। ਉਪਰੰਤ ਗੁਰੂਘਰ ਦੇ ਕੀਰਤਨੀਏ ਭਾਈ ਹਰਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਓਂਕਾਰ ਸਿੰਘ ਤੇ ਭਾਈ ਪਰਮਜੀਤ ਸਿੰਘ ਆਦਿ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸਾਧ ਸੰਗਤ ਨੂੰ ਨਿਹਾਲ ਕੀਤਾ ਤੇ ਗੁਰਬਾਣੀ ਨਾਲ ਜੋੜਿਆ। ਇਸ ਦਿਹਾੜੇ 'ਤੇ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਪੱਚੀ ਗਰੀਬ ਤੇ ਜਰਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਬੜੀ ਸਾਦਗੀ ਨਾਲ ਗੁਰੂ ਘਰ ਵੱਲੋਂ ਨਿਸ਼ਕਾਮ ਸੇਵਾ ਨਾਲ ਕਰਵਾਏ। ਇਸ ਸ਼ੁੱਭ ਮੌਕੇ'ਤੇ ਵਿਆਹੁਤਾ ਜੋੜਿਆਂ ਨੂੰ ਆਸ਼ੀਰਵਾਦ ਦੇਣ ਲਈ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਸੰਤ ਬਾਬਾ ਸੁਖਵਿੰਦਰ ਸਿੰਘ ਨੇ ਨਵ-ਵਿਆਹੁਤਾ ਜੋੜਿਆਂ ਨੂੰ ਗ੍ਰਹਿਸਤੀ ਜੀਵਨ ’ਚ ਪ੍ਰਵੇਸ਼ ਕਰਨ 'ਤੇ ਵਧਾਈ ਦਿੱਤੀ ਅਤੇ ਇੱਕ ਮਨ ਇੱਕ ਚਿੱਤ ਹੋ ਕੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਲਾਕੇ ਦੀਆਂ ਬਹੁਤ ਸਾਰੀਆਂ ਸਨਮਾਨਿਤ ਸ਼ਖ਼ਸੀਅਤਾਂ ਵੀ ਹਾਜ਼ਰ ਹੋਇਆ ਸਨ।ਪ੍ਰਬੰਧਕਾਂ ਵੱਲੋਂ ਆਏ ਮਹਾਂਪੁਰਸ਼ਾਂ ਤੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਨਵੇਂ ਜੋੜਿਆਂ ਨੂੰ ਘਰੇਲੂ ਵਰਤੋਂ ਦਾ ਸਮਾਨ ਭੇਟ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।