ਦੇਬੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ
ਦੇਬੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ
Publish Date: Wed, 04 Nov 2026 07:33 PM (IST)
Updated Date: Wed, 04 Nov 2026 07:35 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਵਿਧਾਨ ਸਭਾ ਹਲਕਾ ਕੇਂਦਰੀ ਦੇ ਮੁਹੱਲਾ ਹਰਚਰਨ ਨਗਰ ਵਿਖੇ ਇੱਕ ਲੜਕੀ ਦੀ ਦੁਖਦਾਈ ਮੌਤ ਤੋਂ ਬਾਅਦ ਭਾਜਪਾ ਦੇ ਸੂਬਾ ਖਜ਼ਾਨਚੀ ਅਤੇ ਹਲਕਾ ਕੇਂਦਰੀ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੰਦਿਆਂ ਸ਼ਹਿਰ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਚੁੱਕੇ। ਦੇਬੀ ਨੇ ਕਿਹਾ ਕਿ ਪਰਿਵਾਰ ਦੇ ਦੋਸ਼ਾਂ ਅਨੁਸਾਰ ਇੱਕ ਨੌਜਵਾਨ ਲੜਕੀ ਨੂੰ ਵਿਆਹ ਲਈ ਲਗਾਤਾਰ ਤੰਗ-ਪਰੇਸ਼ਾਨ ਕਰ ਰਿਹਾ ਸੀ ਅਤੇ ਉਸ ਵੱਲੋਂ ਕਥਿਤ ਤੌਰ ’ਤੇ ਫਾਇਰਿੰਗ ਵੀ ਕੀਤੀ ਗਈ ਸੀ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪਿਛਲੇ ਤਿੰਨ ਮਹੀਨਿਆਂ ਤੋਂ ਮਾਮਲਾ ਪੁਲਿਸ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਧਿਆਨ ਵਿੱਚ ਸੀ ਤਾਂ ਸਮੇਂ ਸਿਰ ਠੋਸ ਕਾਰਵਾਈ ਕਿਉਂ ਨਹੀਂ ਹੋਈ? ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਅਪਰਾਧਿਕ ਅਨਸਰਾਂ ਦੇ ਹੌਸਲੇ ਵਧ ਰਹੇ ਹਨ। ਦੇਬੀ ਨੇ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਲਾਪਰਵਾਹ ਪੁਲਿਸ ਮੁਲਾਜ਼ਮਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡਟ ਕੇ ਖੜ੍ਹੀ ਰਹੇਗੀ।