ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਦਤਰ, ਕਤਲਾਂ, ਫਿਰੌਤੀਆਂ ਤੇ ਗੁੰਡਾਗਰਦੀ ਨੇ ਲੋਕਾਂ ’ਚ ਦਹਿਸ਼ਤ ਪੈਦਾ ਕੀਤੀ : ਐਡਵੋਕੇਟ ਸਿੱਧੂ ਜਰੂਰੀ ਖ਼ਬਰ-ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਦਤਰ, ਕਤਲਾਂ, ਫਿਰੌਤੀਆਂ ਤੇ ਗੁੰਡਾਗਰਦੀ ਨੇ ਲੋਕਾਂ ’ਚ ਦਹਿਸ਼ਤ ਪੈਦਾ ਕੀਤੀ-ਐਡਵੋਕੇਟ ਸਿੱਧੂ
Publish Date: Wed, 04 Nov 2026 07:54 PM (IST)
Updated Date: Wed, 04 Nov 2026 07:56 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਕਤਲ, ਫਿਰੌਤੀ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਵਾਸੀਆਂ ਦੀ ਸੁਰੱਖਿਆ ਖ਼ਤਮ ਹੋ ਚੁੱਕੀ ਹੈ ਅਤੇ ਆਮ ਲੋਕਾਂ ਨੂੰ ਪੁਲਿਸ ਥਾਣਿਆਂ ਤੇ ਸਰਕਾਰੀ ਅਦਾਰਿਆਂ ਵਿੱਚ ਵੀ ਇਨਸਾਫ਼ ਨਹੀਂ ਮਿਲ ਰਿਹਾ। ਇਹ ਦੋਸ਼ ਭਾਜਪਾ ਪੰਜਾਬ ਦੇ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਲਗਾਏ। ਉਨ੍ਹਾਂ ਲੁਧਿਆਣਾ ਕੇਂਦਰੀ ਹਲਕੇ ਵਿੱਚ ਹਾਲ ਹੀ ਵਿੱਚ ਇੱਕ ਨੌਜਵਾਨ ਲੜਕੀ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦਾ ਮਾਮਲਾ ਉਠਾਉਂਦਿਆਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੇ ਵਿਧਾਇਕ ਦੀ ਕਥਿਤ ਸਰਪ੍ਰਸਤੀ ਪ੍ਰਾਪਤ ਕੁਝ ਲੋਕਾਂ ਦੀ ਗੁੰਡਾਗਰਦੀ ਕਾਰਨ ਲੜਕੀ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਦੇ ਦਾਅਵੇ ਅਨੁਸਾਰ ਪਿਤਾ ਦੇ ਸਾਏ ਤੋਂ ਵਾਂਝੀ ਲੜਕੀ ਨੂੰ ਘਰੋਂ ਚੁੱਕਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਘਰ ਦੇ ਬਾਹਰ ਸ਼ਰੇਆਮ ਗੋਲੀਆਂ ਵੀ ਚਲਾਈਆਂ ਗਈਆਂ। ਇਸ ਤੋਂ ਡਰ ਕੇ ਲੜਕੀ ਨੇ ਖ਼ੁਦਕੁਸ਼ੀ ਕਰ ਲਈ। ਇਸ ਮੌਕੇ ਐਡਵੋਕੇਟ ਸਿੱਧੂ ਨੇ ਕਿਹਾ ਕਿ ਘਟਨਾ ਤੋਂ ਬਾਅਦ ਵੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਨਾ ਕੀਤੇ ਜਾਣ ਕਾਰਨ ਭਾਜਪਾ ਆਗੂਆਂ ਅਤੇ ਮੁਹੱਲਾ ਵਾਸੀਆਂ ਨੂੰ ਧਰਨਾ ਲਾਉਣਾ ਪਿਆ। ਇਸ ਤੋਂ ਬਾਅਦ ਕੇਸ ਦਰਜ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਵੀ ਆਪਣੇ ਬਿਆਨਾਂ ਵਿੱਚ ਕਥਿਤ ਤੌਰ ’ਤੇ ਮੁਲਜ਼ਮ ਵੱਲੋਂ ਥਾਰ ਗੱਡੀ ’ਤੇ ਮੁਹੱਲੇ ਵਿੱਚ ਆ ਕੇ ਲੜਕੀ ਨੂੰ ਤੰਗ ਪਰੇਸ਼ਾਨ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਪੁਲਿਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਸਿੱਧੂ ਨੇ ਲੁਧਿਆਣਾ ਵਿੱਚ ਇੱਕ ਗੁਰਦੁਆਰਾ ਸਾਹਿਬ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਹਵਾਲਾ ਦਿੰਦਿਆਂ ਪੁਲਿਸ ਕਾਰਵਾਈ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਇਸ ਘਟਨਾ ਦੇ ਕਥਿਤ ਮੁਲਜ਼ਮ ਦੀ ਤੁਰੰਤ ਮੌਤ ਹੋਣ ਕਾਰਨ ਮਾਮਲੇ ਦੇ ਕਈ ਤੱਥ ਸਾਹਮਣੇ ਨਹੀਂ ਆ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੁੰਡਾ ਅਨਸਰਾਂ ਦੇ ਹੌਸਲੇ ਬੁਲੰਦ ਹਨ ਅਤੇ ਆਮ ਲੋਕਾਂ ਦੀਆਂ ਧੀਆਂ-ਭੈਣਾਂ ਦੀ ਸੁਰੱਖਿਆ ਵੀ ਖ਼ਤਰੇ ਵਿੱਚ ਹੈ। ਐਡਵੋਕੇਟ ਸਿੱਧੂ ਨੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਖ਼ੁਦਕੁਸ਼ੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ, ਕਥਿਤ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲੇ ਵਿਅਕਤੀਆਂ ਦੀ ਵੀ ਜਾਂਚ ਕਰ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।