ਬੁੱਢੇ ਦਰਿਆ ਦੇ ਪ੍ਰਦੂਸ਼ਣ ’ਤੇ ਵੱਡਾ ਐਕਸ਼ਨ! ਡੇਅਰੀ ਮਾਲਕ ਗੋਹਾ ਚੁਕਵਾਉਣ ਲਈ ਸਹਿਮਤ 1 ਨੰਬਰ ਦੀ ਬੋਟਮ-ਬੁੱਢੇ ਦਰਿਆ ਦੇ ਪ੍ਰਦੂਸ਼ਣ ’ਤੇ ਵੱਡਾ ਐਕਸ਼ਨ! ਡੇਅਰੀ ਮਾਲਕ ਗੋਹਾ ਚੁਕਵਾਉਣ ਲਈ ਸਹਿਮਤ
Publish Date: Wed, 04 Nov 2026 07:57 PM (IST)
Updated Date: Wed, 04 Nov 2026 07:59 PM (IST)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ : ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਬਣਾਈ ਗਈ 12 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਰਾਜ ਸਭਾ ਮੈਂਬਰ ਅਤੇ ਕਮੇਟੀ ਦੇ ਚੇਅਰਮੈਨ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ 225 ਐੱਮਐੱਲਡੀ ਸਮਰੱਥਾ ਵਾਲੇ ਜਮਾਲਪੁਰ ਸੀਵਰੇਜ ਟ੍ਰੀਟਮੈਂਟ ਪਲਾਂਟ ਵਿਖੇ ਹੋਈ। ਮੀਟਿੰਗ ਦੌਰਾਨ ਡੇਅਰੀਆਂ ਦਾ ਗੋਹਾ ਬੁੱਢੇ ਦਰਿਆ ਵਿੱਚ ਜਾਣ ਤੋਂ ਰੋਕਣ ਅਤੇ ਸਾਫ਼ ਪਾਣੀ ਦੀ ਵਰਤੋਂ ਘਟਾਉਣ ਲਈ ਡੇਅਰੀ ਮਾਲਕਾਂ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕਮੇਟੀ ਦੇ ਉਪ ਚੇਅਰਮੈਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਨਸ਼ਿਆਮ ਥੋਰੀ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ ਡੇਅਰੀ ਮਾਲਕਾਂ ਵਿਰੁੱਧ ਦਰਜ ਐੱਫਆਈਆਰ ਵਾਪਸ ਲੈਣ ਦਾ ਮਾਮਲਾ ਵੀ ਵਿਚਾਰਿਆ ਗਿਆ। ਸੰਤ ਸੀਚੇਵਾਲ ਨੇ ਭਰੋਸਾ ਦਿੱਤਾ ਕਿ ਡੇਅਰੀ ਮਾਲਕਾਂ ਵਿਰੁੱਧ ਦਰਜ ਕੇਸ ਵਾਪਸ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਡੇਅਰੀਆਂ ਦਾ ਗੋਹਾ ਚੁੱਕਣ ਲਈ ਤਿੰਨ ਸਾਲ ਦਾ ਠੇਕਾ ਦਿੱਤਾ ਹੋਇਆ ਹੈ। ਮੀਟਿੰਗ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਸਾਹਮਣੇ ਆਇਆ ਕਿ ਤਾਜਪੁਰ ਡੇਅਰੀ ਕੰਪਲੈਕਸ ਦੇ ਈਟੀਪੀ ਪਲਾਂਟ ਦੀ ਸਮਰੱਥਾ 2.25 ਐੱਮਐੱਲਡੀ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਪਲਾਂਟ ਦੀ ਸਮਰੱਥਾ 3.75 ਐੱਮਐੱਲਡੀ ਹੈ। ਦੋਵਾਂ ਪਲਾਂਟਾਂ ਦੀ ਕੁੱਲ ਸਮਰੱਥਾ 6 ਐੱਮਐੱਲਡੀ ਹੈ, ਜਦਕਿ ਇਨ੍ਹਾਂ ਵਿੱਚ ਰੋਜ਼ਾਨਾ ਲਗਪਗ 12 ਐੱਮਐੱਲਡੀ ਪਾਣੀ ਪਹੁੰਚ ਰਿਹਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਡੇਅਰੀ ਕੰਪਲੈਕਸਾਂ ਵਿੱਚ ਵਾਧੂ ਪਾਣੀ ਦੀ ਸਪਲਾਈ ਵੱਡੀ ਸਮੱਸਿਆ ਹੈ, ਜਿਸ ਨੂੰ ਘਟਾਉਣਾ ਬੇਹੱਦ ਜ਼ਰੂਰੀ ਹੈ। ਡੇਅਰੀਆਂ ਵਿੱਚ ਫਲੋਅ ਮੀਟਰ ਲਗਾਉਣ ਦਾ ਮਕਸਦ ਵੀ ਇਹੀ ਹੈ ਕਿ ਪਤਾ ਲੱਗ ਸਕੇ ਕਿ ਕਿਹੜੀ ਡੇਅਰੀ ਕਿੰਨਾ ਪਾਣੀ ਵਰਤ ਰਹੀ ਹੈ। ਤਾਜਪੁਰ ਰੋਡ ਡੇਅਰੀ ਕੰਪਲੈਕਸ ਦੇ ਪ੍ਰਧਾਨ ਸਤਵਿੰਦਰ ਸਿੰਘ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਆਪਣਾ ਪੱਖ ਰੱਖਣ ਤੋਂ ਬਾਅਦ ਸਹਿਮਤੀ ਦਿੱਤੀ ਕਿ ਸਾਰੀਆਂ ਡੇਅਰੀਆਂ ਵਾਲੇ ਆਪੋ-ਆਪਣੀਆਂ ਡੇਅਰੀਆਂ ਦਾ ਗੋਹਾ ਠੇਕੇਦਾਰ ਰਾਹੀਂ ਚੁਕਵਾਉਣਗੇ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨਹੀਂ ਕਰਨਗੇ। ਪਸ਼ੂਆਂ ਦੀ ਲੋੜ ਅਨੁਸਾਰ ਹੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ। ਸੰਤ ਸੀਚੇਵਾਲ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਯਤਨ ਕਰ ਰਹੇ ਹਨ ਅਤੇ ਇਸ ਸਬੰਧੀ ਹੁਣ ਤੱਕ 46 ਮੀਟਿੰਗਾਂ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਬੁੱਢੇ ਦਰਿਆ ਦੀ ਸਫ਼ਾਈ ਸਬੰਧੀ ਲੁਧਿਆਣਾ ਆ ਕੇ ਸੱਤ ਵਾਰ ਮੀਟਿੰਗਾਂ ਕਰ ਚੁੱਕੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਦੋ ਵਾਰ ਉੱਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਕੋਸ਼ਿਸ਼ਾਂ ਦਾ ਮਕਸਦ ਬੁੱਢੇ ਦਰਿਆ ਵਿੱਚ ਪ੍ਰਦੂਸ਼ਣ ਨੂੰ ਪੂਰੀ ਤਰ੍ਹਾਂ ਰੋਕਣਾ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ, ਏਡੀਸੀ (ਯੂਡੀ) ਅਮਿਤ ਬੰਬੀ, ਡੀਸੀਪੀ ਆਲਮ ਵਿਜੇ ਸਿੰਘ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਤਪਨ ਭਨੋਟ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਆਰਕੇ ਰੱਤੜਾ, ਕੌਂਸਲਰ ਇੰਦੂ ਮੁਨੀਸ਼ ਸ਼ਾਹ, ਨਿਗਰਾਨ ਇੰਜੀਨੀਅਰ ਦੀਪਇੰਦਰ ਕੌਰ, ਪੇਡਾ ਦੇ ਡੀਐੱਮ ਗੁਰਿੰਦਰ ਸਿੰਘ ਸਮੇਤ ਡੇਅਰੀ ਕੰਪਲੈਕਸਾਂ ਦੇ ਨੁਮਾਇੰਦੇ ਅਤੇ ਗੋਬਰ ਚੁੱਕਣ ਵਾਲਾ ਠੇਕੇਦਾਰ ਹਾਜ਼ਰ ਸਨ। ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸਕੱਤਰ ਘਨਸ਼ਿਆਮ ਥੋਰੀ ਨੇ ਡੇਅਰੀ ਮਾਲਕਾਂ, ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਵਿੱਚ ਕੂੜਾ ਜਾਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਨਾ ਸੁੱਟੀ ਜਾਵੇ। ਕਮੇਟੀ ਦੀ ਅਗਲੀ ਮੀਟਿੰਗ ਅਗਲੇ ਹਫ਼ਤੇ ਹੋਵੇਗੀ।