ਦਫ਼ਤਰੀ ਕਾਮਿਆਂ ਨੇ ਕੀਤੀਆਂ ਜ਼ਿਲ੍ਹਾ ਪੱਧਰੀ ਗੇਟ ਰੈਲੀਆਂ ਜਨਰਲ ਲਈ-ਦਫ਼ਤਰੀ ਕਾਮਿਆਂ ਨੇ ਸੂਬਾ ਭਰ ਵਿੱਚ ਕੀਤੀਆਂ ਜ਼ਿਲ੍ਹਾ ਪੱਧਰੀ ਗੇਟ ਰੈਲੀਆਂ
Publish Date: Wed, 04 Nov 2026 08:46 PM (IST)
Updated Date: Wed, 04 Nov 2026 08:47 PM (IST)
ਪੰਜਾਬ ਸਰਕਾਰ ਦੇ ਫੂਕੇ ਪੁਤਲੇ, 5 ਤੇ 6 ਨਵੰਬਰ ਨੂੰ ਦਫ਼ਤਰੀ ਕਾਮੇ ਕਰਨਗੇ ਮੁਕੰਮਲ ਹੜਤਾਲ ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ’ਚ ਤਾਇਨਾਤ ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਦੇ ਸੱਦੇ ਤਹਿਤ ਸੂਬਾ ਭਰ ’ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਜ਼ਿਲ੍ਹਾ ਪੱਧਰੀ ਗੇਟ ਰੈਲੀਆਂ ਕੀਤੀਆਂ ਗਈਆਂ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਾਂਗ ਲੁਧਿਆਣਾ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪੱਧਰੀ ਗੇਟ ਰੈਲੀ ਕੀਤੀ ਗਈ ਅਤੇ ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਭਾਰੀ ਇਕੱਠ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰ ਕੇ ਆਪਣੀ ਜਥੇਬੰਦਕ ਏਕਤਾ ਅਤੇ ਸੰਘਰਸ਼ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਜਥੇਬੰਦੀ ਦੇ ਸੂਬਾ ਵਧੀਕ ਜਨਰਲ ਸਕੱਤਰ ਅਮਿਤ ਅਰੋੜਾ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਜੀਵ ਭਾਰਗਵ, ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਖਟੜਾ, ਜ਼ਿਲ੍ਹਾ ਪ੍ਰਧਾਨ ਸੰਦੀਪ ਭੂੰਬਕ, ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਪੰਧੇਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਅਮਰਜੀਤ ਸਿੰਘ ਤੋਂ ਇਲਾਵਾ ਬਲਜਿੰਦਰ ਸਿੰਘ, ਰਕੇਸ਼ ਕੁਮਾਰ, ਸਤਪਾਲ, ਹਰਮਿੰਦਰ ਸਿੰਘ, ਨਿਸ਼ਾਂਤ ਨਰੋਲਾ, ਸੁਖਪਾਲ ਸਿੰਘ ਪੰਧੇਰ, ਅਸ਼ਵਨੀ ਜੈਨ, ਧਰਮਪਾਲ ਪਾਲੀ, ਕੁਲਦੀਪ ਸਿੰਘ, ਰਾਜਵੰਤ ਕੌਰ, ਬਿਮਤਲਜੀਤ ਕੌਰ ਅਤੇ ਹਰਵਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਜ਼ਿਲ੍ਹਾ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਪੈਨਸ਼ਨਰਾਂ ਨੇ ਵੀ ਵੱਡੀ ਗਿਣਤੀ ’ਚ ਕੀਤੀ ਸ਼ਮੂਲੀਅਤ ਇਸ ਸੰਘਰਸ਼ੀ ਪ੍ਰੋਗਰਾਮ ਵਿੱਚ ਪੈਨਸ਼ਨਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮੁਲਾਜ਼ਮ ਸੰਘਰਸ਼ ਨਾਲ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਪੈਨਸ਼ਨਰਾਂ ਦੀ ਅਗਵਾਈ ਗੁਰਚਰਨ ਸਿੰਘ ਦੁੱਗਾ ਨੇ ਕੀਤੀ ਕੀਤੀ ਗਈ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਸੰਘਰਸ਼ ਦੇ ਅਗਲੇ ਪੜਾਅ ਤਹਿਤ 5 ਅਤੇ 6 ਨਵੰਬਰ ਨੂੰ ਦੋ ਰੋਜ਼ਾ ਕਲਮ ਛੋੜ ਹੜਤਾਲ ਕੀਤੀ ਜਾਵੇਗੀ।