- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੁਣੌਤੀਆਂ ਦੇ ਹੱਲ ਲਈ ਵਿਸ਼ੇਸ਼ ਕਾਰਜ ਕਰਨ ਖੋਜ ’ਤੇ ਪਸਾਰ ਮਾਹਿਰ-ਡਾ. ਧਾਲੀਵਾਲ

-ਝੋਨੇ ਦੀ ਵਾਢੀ ਤੇ ਕਣਕ ਦੀ ਬਿਜਾਈ ਸਬੰਧੀ ਹਾਲਾਤ ਦਾ ਲਿਆ ਜਾਇਜ਼ਾ
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਦੇ ਹਾਲ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਕੀਤੀ। ਇਸ ਮੌਕੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮਾਹਿਰ, ਅਧਿਆਪਕ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਤੇ ਕਿਸਾਨ ਸਲਾਹ ਸੇਵਾ ਕੇਂਦਰਾਂ ਦੇ ਵਿਗਿਆਨੀ ਮੌਜੂਦ ਸਨ। ਇਸ ਦੌਰਾਨ ਡਾ. ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਖੇਤੀ ਖੇਤਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਖੋਜ ਅਤੇ ਪਸਾਰ ਮਾਹਿਰਾਂ ਨੂੰ ਦੁੱਗਣੇ ਉਤਸ਼ਾਹ ਨਾਲ ਕੰਮ ਕਰਨ ਦੀ ਲੋੜ ਹੈ।
ਉਨ੍ਹਾਂ ਨਵੀਆਂ ਫ਼ਸਲ ਕਿਸਮਾਂ, ਉਤਪਾਦਨ ਤਕਨੀਕਾਂ ਤੇ ਖੇਤੀ ਵਿਧੀਆਂ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਖੇਤੀ ਵਿਭਿੰਨਤਾ ਨੂੰ ਸਫਲ ਬਣਾਉਣ ਲਈ ਕਿਸਾਨਾਂ ਤੱਕ ਪੀਏਯੂ. ਦੀਆਂ ਸਿਫ਼ਾਰਸ਼ਾਂ ਤੇ ਤਕਨੀਕਾਂ ਪਹੁੰਚਾਉਣੀਆਂ ਜ਼ਰੂਰੀ ਹਨ। ਉਨ੍ਹਾਂ ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਸਬੰਧੀ ਹਾਲਾਤ ਦਾ ਜਾਇਜ਼ਾ ਵੀ ਲਿਆ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਖੇਤੀ ਖੋਜ ਵਿੱਚ ਉਤਪਾਦਨ ਵਧਾਉਣ ਦੇ ਨਾਲ ਪੋਸ਼ਣ ਅਤੇ ਵਾਤਾਵਰਨ ਦੀ ਸੰਭਾਲ ਵਿਚਕਾਰ ਸੰਤੁਲਨ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਸਾਨ ਪਰਿਵਾਰਾਂ ਦੀ ਆਮਦਨ ਅਤੇ ਮੁਨਾਫ਼ਾ ਵਧਾਉਣ ਨੂੰ ਖੋਜ ਦਾ ਮੁੱਖ ਉਦੇਸ਼ ਦੱਸਿਆ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਯੂਨੀਵਰਸਿਟੀ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪਸਾਰ ਕਰਮੀਆਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਸਿਫ਼ਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਤੇ ਪੇਂਡੂ ਔਰਤਾਂ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਪ੍ਰੋਗਰਾਮਾਂ ਨਾਲ ਜੋੜਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਭਜੋਧ ਸਿੰਘ ਸੰਧੂ ਨੇ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ। ਅੰਤ ’ਚ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ ਸੋਹੂ ਨੇ ਸਭ ਦਾ ਧੰਨਵਾਦ ਕੀਤਾ।