- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਟੀ ਸੈਂਟਰ ਪ੍ਰੋਜੈਕਟ ਵਿੱਚ ਦੀਵਾਲੀ ਦੀ ਰਾਤ ਲੱਗੀ ਭਿਆਨਕ ਅੱਗ, ਅਗਲੀ ਸਵੇਰ ਤੱਕ ਉੱਠਦਾ ਰਿਹਾ ਧੂੰਆਂ

1 ਨੰਬਰ ਲਈ)
-475 ਏਕੜ ਸਕੀਮ ਦੇ 26 ਏਕੜ ਸਿਟੀ ਸੈਂਟਰ ਦੀ ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਥਿਤ ਸਿਟੀ ਸੈਂਟਰ ਪ੍ਰੋਜੈਕਟ ਵਿੱਚ ਦੀਵਾਲੀ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ। ਨਗਰ ਸੁਧਾਰ ਟਰੱਸਟ ਦੀ 475 ਏਕੜ ਸਕੀਮ ਅਧੀਨ ਪੈਂਦੇ 26 ਏਕੜ ਸਿਟੀ ਸੈਂਟਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਅੱਗ ਦੀਆਂ ਉੱਚੀਆਂ ਲਪਟਾਂ ਅਤੇ ਬਾਅਦ ਵਿੱਚ ਲੰਬੇ ਸਮੇਂ ਤੱਕ ਉੱਠਦੇ ਧੂੰਏਂ ਨੇ ਕੰਪਲੈਕਸ ਦੀ ਸੁਰੱਖਿਆ ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਅਗਲੀ ਸਵੇਰ ਤੱਕ ਵੀ ਕੰਪਲੈਕਸ ਦੇ ਕਈ ਹਿੱਸਿਆਂ ਵਿੱਚੋਂ ਧੂੰਆਂ ਨਿਕਲ ਰਿਹਾ ਸੀ। ਸ਼ਹੀਦ ਭਗਤ ਸਿੰਘ ਨਗਰ ਦੇ ਈ-ਬਲਾਕ ਵਿੱਚ ਰਹਿਣ ਵਾਲੇ ਸਮਾਜ ਸੇਵੀ ਅਰਵਿੰਦ ਸ਼ਰਮਾ ਨੇ ਦੀਵਾਲੀ ਦੀ ਰਾਤ ਸਿਟੀ ਸੈਂਟਰ ਵਿੱਚ ਅੱਗ ਦੀਆਂ ਲਪਟਾਂ ਦੇਖੀਆਂ। ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਫਾਇਰ ਅਫ਼ਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਉਣ ਲਈ ਯਤਨ ਸ਼ੁਰੂ ਕੀਤੇ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਸਬੰਧੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
ਅਰਵਿੰਦ ਸ਼ਰਮਾ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਅਗਲੀ ਸਵੇਰ ਤੱਕ ਵੀ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਧੂੰਆਂ ਨਿਕਲਦਾ ਰਿਹਾ। ਸਵੇਰੇ ਕਰੀਬ 8:15 ਵਜੇ ਤੱਕ ਧੂੰਆਂ ਉੱਠਦਾ ਦੇਖ ਕੇ ਉਨ੍ਹਾਂ ਨੂੰ ਚਿੰਤਾ ਹੋਈ ਕਿ ਕਿਤੇ ਅੰਦਰ ਅੱਗ ਦੇ ਸੁਲਗਦੇ ਅੰਗਾਰੇ ਮੁੜ ਭਿਆਨਕ ਰੂਪ ਨਾ ਧਾਰਨ ਕਰ ਲੈਣ। ਇਸ ਤਰ੍ਹਾਂ ਦੀ ਸਥਿਤੀ ਆਲੇ-ਦੁਆਲੇ ਦੇ ਰਿਹਾਇਸ਼ੀ ਇਲਾਕਿਆਂ ਲਈ ਵੀ ਖ਼ਤਰਾ ਪੈਦਾ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ 475 ਏਕੜ ਸਕੀਮ ਵਿੱਚ ਸਥਿਤ 26 ਏਕੜ ਦਾ ਇਹ ਸਿਟੀ ਸੈਂਟਰ ਲੰਬੇ ਸਮੇਂ ਤੋਂ ਵਿਵਾਦਾਂ ਕਾਰਨ ਅਣਗੌਲਿਆ ਪਿਆ ਹੈ। ਕੰਪਲੈਕਸ ਦੀ ਮੌਜੂਦਾ ਹਾਲਤ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਮੇਂ-ਸਮੇਂ 'ਤੇ ਜਾਂਚ ਹੋਣੀ ਚਾਹੀਦੀ ਹੈ। ਜੇਕਰ ਅਜਿਹੀਆਂ ਥਾਵਾਂ ਦੀ ਨਿਯਮਤ ਦੇਖਭਾਲ ਅਤੇ ਨਿਗਰਾਨੀ ਨਾ ਕੀਤੀ ਜਾਵੇ, ਤਾਂ ਅੱਗ ਲੱਗਣ ਵਰਗੀਆਂ ਘਟਨਾਵਾਂ ਵੱਡੇ ਹਾਦਸੇ ਦਾ ਰੂਪ ਧਾਰ ਸਕਦੀਆਂ ਹਨ।
ਸ਼ਰਮਾ ਨੇ ਪ੍ਰਸ਼ਾਸਨ ਅਤੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਿਟੀ ਸੈਂਟਰ ਦਾ ਤੁਰੰਤ ਨਿਰੀਖਣ ਕਰਵਾਇਆ ਜਾਵੇ। ਕੰਪਲੈਕਸ ਵਿੱਚ ਅੱਗ ਬੁਝਾਊ ਪ੍ਰਬੰਧਾਂ, ਸੁਰੱਖਿਆ ਅਤੇ ਨਿਗਰਾਨੀ ਦੀ ਵਿਵਸਥਾ ਦੀ ਜਾਂਚ ਕੀਤੀ ਜਾਵੇ। ਇਸ ਦੇ ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾ ਕੇ ਭਵਿੱਖ ਵਿੱਚ ਅਜਿਹੀ ਘਟਨਾ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਨਾ ਕਾਫ਼ੀ ਨਹੀਂ ਹੈ, ਸਗੋਂ ਇਸ ਵਿਵਾਦਤ ਕੰਪਲੈਕਸ ਦੀ ਸੁਰੱਖਿਆ ਅਤੇ ਭਵਿੱਖ ਬਾਰੇ ਕੋਈ ਸਥਾਈ ਹੱਲ ਕੱਢਣਾ ਜ਼ਰੂਰੀ ਹੈ, ਤਾਂ ਜੋ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
-ਬਾਕਸ-
-ਟਰੱਸਟ ਅਧਿਕਾਰੀਆਂ ਨਾਲ ਸੰਪਰਕ ਦੀ ਕੀਤੀ ਕੋਸ਼ਿਸ਼
ਸ਼ਰਮਾ ਨੇ ਦੱਸਿਆ ਕਿ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਨੇ ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਐਕਸਈਐਨ ਵਿਕਰਮ ਕੁਮਾਰ ਅਤੇ ਬੂਟਾ ਰਾਮ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੇ ਫੋਨ ਨਹੀਂ ਚੁੱਕੇ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀ ਗੰਭੀਰ ਘਟਨਾ ਤੋਂ ਬਾਅਦ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
-ਬਾਕਸ
-ਬੱਚਿਆਂ, ਬਜ਼ੁਰਗਾਂ ਤੇ ਸਾਹ ਦੀ ਬਿਮਾਰੀ ਤੋਂ ਪੀੜਤਾਂ ਨੂੰ ਹੋਈ ਪਰੇਸ਼ਾਨੀ : ਯੋਗੇਸ਼ ਸ਼ਰਮਾ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੇ ਐਸਬੀਐਸ ਨਗਰ ਸਰਕਲ ਪ੍ਰਧਾਨ ਯੋਗੇਸ਼ ਸ਼ਰਮਾ ਨੇ ਕਿਹਾ ਕਿ ਸਿਟੀ ਸੈਂਟਰ ਦੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੂੜੇ-ਕਰਕਟ ਦੇ ਢੇਰ ਲਾਏ ਜਾ ਰਹੇ ਹਨ, ਪਰ ਇਨ੍ਹਾਂ ਨੂੰ ਹਟਾਉਣ ਲਈ ਜ਼ਿੰਮੇਵਾਰ ਵਿਭਾਗਾਂ ਵੱਲੋਂ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਟੀ ਸੈਂਟਰ ਇਲਾਕੇ ’ਚ ਦੀਵਾਲੀ ਦੀ ਰਾਤ ਲੱਗੀ ਭਿਆਨਕ ਅੱਗ ਨੇ ਨਗਰ ਸੁਧਾਰ ਟਰੱਸਟ ਦੇ ਸਫ਼ਾਈ ਪ੍ਰਬੰਧਾਂ ਅਤੇ ਸਬੰਧਤ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਅੱਗ ਕਾਰਨ ਉੱਠੇ ਧੂੰਏਂ ਨਾਲ ਆਸ-ਪਾਸ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਝੱਲਣੀਆਂ ਪਈਆਂ। ਖ਼ਾਸ ਕਰਕੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਮੁਸ਼ਕਲਾਂ ਝੱਲਣੀਆਂ ਪਈਆਂ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਘਟਨਾ ਪਿੱਛੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆ ਸਕੇ।