- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਪਰਾਲੀ ਸਾੜਨ ਦੀਆਂ ਘਟਨਾਵਾਂ ਉੱਪਰ ਕਾਬੂ ਪਾਉਣ ਵਿੱਚ ਨਾਕਾਮ ਰਹੀ ਪੰਜਾਬ ਸਰਕਾਰ-ਦੀਵਾਨ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਚਿੰਤਾਜਨਕ ਵਾਧੇ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਨੇ ਕਿਹਾ ਹੈ ਕਿ ਵੱਡੇ-ਵੱਡੇ ਦਾਅਵਿਆਂ ਅਤੇ ਵਾਰ-ਵਾਰ ਦਿੱਤੇ ਗਏ ਭਰੋਸਿਆਂ ਦੇ ਬਾਵਜੂਦ ‘ਆਪ’ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ’ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਦੀਵਾਨ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇੱਕੋ ਦਿਨ ਵਿੱਚ ਪਰਾਲੀ ਸਾੜਨ ਦੇ 1,152 ਮਾਮਲੇ ਸਾਹਮਣੇ ਆਉਣਾ ਬੇਹੱਦ ਚਿੰਤਾਜਨਕ ਹੈ। ਲੁਧਿਆਣਾ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 312 ਤੱਕ ਪਹੁੰਚ ਗਿਆ ਹੈ। ਦੀਵਾਨ ਨੇ ਕਿਹਾ ਹੈ ਕਿ ਇੱਕੋ ਦਿਨ ’ਚ ਪਰਾਲੀ ਸਾੜਨ ਦੇ ਇੰਨੀ ਵੱਡੀ ਗਿਣਤੀ ਵਿੱਚ ਮਾਮਲੇ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਤੇ ਇਹ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਦਮ ਲਾਗੂ ਕਰਨ ਤੇ ਕਿਸਾਨਾਂ ਨੂੰ ਲੁੜੀਂਦਾ ਬਦਲ ਦੇਣ ਵਿੱਚ ਸਰਕਾਰ ਦੀ ਅਸਮਰੱਥਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਲੁਧਿਆਣਾ ਦਾ ਏਕਿਊਆਈ 312 ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਸ਼ਹਿਰ ਬਹੁਤ ਮਾੜੀ ਹਵਾ ਗੁਣਵੱਤਾ ਵਾਲੀ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਲੱਖਾਂ ਵਸਨੀਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ, ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਤੇ ਸੂਬੇ ਭਰ ਵਿੱਚ ਪਰਾਲੀ ਸਾੜਨ ਵਾਲੇ ਸੰਵੇਦਨਸ਼ੀਲ ਇਲਾਕਿਆਂ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ, ਤਾਂ ਜੋ ਹਵਾ ਦੀ ਗੁਣਵੱਤਾ ਨੂੰ ਹੋਰ ਖ਼ਰਾਬ ਹੋਣ ਤੋਂ ਰੋਕਿਆ ਜਾ ਸਕੇ।