ਕੱਚੇ ਰੋਡਵੇਜ਼ ਕਾਮਿਆਂ ਨੇ ਸੂਬੇ ’ਚ ਬੱਸ ਅੱਡਿਆਂ ਅੱਗੇ ਕੀਤੀਆਂ ਰੋਸ ਰੈਲੀਆਂ ਕੱਚੇ ਰੋਡਵੇਜ਼ ਕਾਮਿਆਂ ਵੱਲੋਂ ਪੰਜਾਬ ਭਰ ਵਿੱਚ ਬੱਸ ਅੱਡਿਆਂ ਅੱਗੇ ਰੋਸ ਰੈਲੀਆਂ
Publish Date: Tue, 10 Nov 2026 07:03 PM (IST)
Updated Date: Tue, 10 Nov 2026 07:06 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਰੋਡਵੇਜ਼/ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਜਨਰਲ ਸਕੱਤਰ ਸਮਸ਼ੇਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਕੱਚੇ ਕਾਮਿਆਂ ਵਲੋਂ ਸੂਬਾ ਭਰ ਦੇ ਬੱਸ ਡਿਪੂਆਂ ਦੇ ਗੇਟਾਂ ਅੱਗੇ ਰੈਲੀਆਂ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਡਟ ਕੇ ਨਾਅਰੇਬਾਜ਼ੀ ਕੀਤੀ ਗਈ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਬੱਸ ਅੱਡਿਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਅੰਤਰ-ਰਾਜੀ ਬੱਸ ਅੱਡੇ ਦੇ ਗੇਟ ਅੱਗੇ ਵੀ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਬੱਬੂ ਨੇ ਮੁਜ਼ਾਹਰਾ ਕਰ ਰਹੇ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਦੀਆਂ ਪੰਜਾਬ ਸਰਕਾਰ ਨਾਲ ਹੁਣ ਤੱਕ 65-70 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਅਤੇ ਵਾਰ-ਵਾਰ ਦਿੱਤੇ ਭਰੋਸਿਆਂ ਤੇ ਸਰਕਾਰ ਦੀ ਬਿਆਨਬਾਜ਼ੀ ਦੇ ਬਾਵਜੂਦ ਕਾਮਿਆਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਨਬਸ ਵਿੱਚ ਪਿਛਲੇ 12 ਸਾਲਾਂ ਤੋਂ ਕੰਟਰੈਕਟ ’ਤੇ ਕੰਮ ਕਰਦੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਬਜਾਏ ਸਰਕਾਰ ਵੱਲੋਂ ਵਾਰ-ਵਾਰ ਕੋਈ ਨਾ ਕੋਈ ਬਹਾਨਾ ਬਣਾ ਕੇ ਅੜਿੱਕੇ ਪੈਦਾ ਕਰਕੇ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਪਰਸੋਨਲ ਅਤੇ ਵਿੱਤ ਵਿਭਾਗ ਵੱਲੋਂ ਪੰਜਾਬ ਰੋਡਵੇਜ਼/ਪਨਬਸ ਅਤੇ ਪੀਆਰਟੀਸੀ ਵਿੱਚ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਐਕਟ ਨੰਬਰ 10 ਅਨੁਸਾਰ ਵਿਭਾਗ ਅਧੀਨ ਕੰਟਰੈਕਟ ’ਤੇ ਕਰਨ ਦੀ ਪ੍ਰਕਿਰਿਆ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਪੀਆਰਟੀਸੀ ਦੇ ਆਊਟਸੋਰਸ ਕਾਮਿਆਂ ਨੂੰ 26 ਅਕਤੂਬਰ ਨੂੰ ਕੰਟਰੈਕਟ ’ਤੇ ਕਰਨ ਦੇ ਆਫਰ ਲੈਟਰ ਵੀ ਦਿੱਤੇ ਗਏ ਸਨ ਪਰ ਅੱਜ ਕਈ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਵੀ ਕਾਮਾ ਹੁਣ ਤੱਕ ਕੰਟਰੈਕਟ ’ਤੇ ਨਹੀਂ ਕੀਤਾ ਗਿਆ। ਪੀਆਰਟੀਸੀ ਦੇ ਡਿਪੂ ਪ੍ਰਧਾਨ ਦਲਜੀਤ ਸਿੰਘ ਅਤੇ ਸੂਬਾਈ ਆਗੂ ਹਰਸ਼ਰਨ ਸਿੰਘ ਨੇ ਕਿਹਾ ਕਿ 29 ਅਕਤੂਬਰ ਦੀ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਵਿੱਤ ਤੇ ਟਰਾਂਸਪੋਰਟ ਮੰਤਰੀ ਅਤੇ ਪਰਸੋਨਲ ਵਿਭਾਗ ਵੱਲੋਂ ਦੋ ਦਿਨਾਂ ਅੰਦਰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੰਦਿਆਂ 31 ਅਕਤੂਬਰ ਦੀ ਕੈਬਨਿਟ ਵਿੱਚ ਰੂਲ ਪਾਸ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੱਜ ਤੱਕ ਉਸ ਭਰੋਸੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਦਾ ਹੱਲ ਨਾ ਕੀਤਾ ਤਾਂ 16 ਨਵੰਬਰ ਤੋਂ ਤਿੰਨ ਦਿਨ ਲਈ ਲਗਾਤਾਰ ਹੜਤਾਲ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।