- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸੈਂਟਰ ਨੇ ਵਿਸ਼ਵਕਰਮਾ ਦਿਵਸ ਮਨਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸੈਂਟਰ ਲੁਧਿਆਣਾ ਵੱਲੋਂ ਸਥਾਨਕ ਦੱਖਣੀ ਬਾਈਪਾਸ ਸਥਿਤ ਵਿਸ਼ਵਕਰਮਾ ਭਵਨ, ਜਸਪਾਲ ਬਾਂਗਰ ਵਿਖੇ 74ਵਾਂ ਸਾਲਾਨਾ ਬਾਬਾ ਵਿਸ਼ਵਕਰਮਾ ਦਿਵਸ ਸਮਾਗਮ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਹੀਰਾ ਸਿੰਘ ਗਾਬੜੀਆ ਅਤੇ ਮਲਕੀਤ ਸਿੰਘ ਦਾਖਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸੈਂਟਰ ਦੇ ਚੇਅਰਮੈਨ ਸੁਖਦਿਆਲ ਸਿੰਘ ਬਸੰਤ ਨੇ ਕੀਤੀ। ਸਮਾਗਮ ਦੌਰਾਨ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਵਿਸ਼ਵਕਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਨੂੰ ਸ੍ਰਿਸ਼ਟੀ ਦੇ ਮਹਾਨ ਸਿਰਜਣਹਾਰ ਅਤੇ ਦਿਵਯ ਸ਼ਿਲਪਕਾਰ ਵਜੋਂ ਸਤਿਕਾਰਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਵਿਰਾਸਤ ਕਿਰਤ, ਹੁਨਰ, ਤਕਨੀਕੀ ਗਿਆਨ, ਨਵੀਆਂ ਕਾਢਾਂ ਤੇ ਸਿਰਜਣਾਤਮਕਤਾ ਦੀ ਪ੍ਰੇਰਣਾ ਦਿੰਦੀਆਂ ਹਨ। ਇੰਜੀਨੀਅਰਿੰਗ ਤੇ ਆਰਕੀਟੈਕਚਰ ਦੇ ਖੇਤਰ ਨਾਲ ਜੁੜੇ ਮਾਹਿਰਾਂ ਦਾ ਦੇਸ਼ ਦੇ ਬੁਨਿਆਦੀ ਢਾਂਚੇ ਅਤੇ ਸਮਾਜ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਹੈ। ਅਜਿਹੇ ਸਮਾਗਮ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਤੇ ਹੁਨਰਮੰਦ ਕਿੱਤਿਆਂ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡਿਜ਼ਾਈਨੈਕਸ ਆਰਕੀਟੈਕਟਸ ਦੇ ਪ੍ਰਿੰਸੀਪਲ ਆਰਕੀਟੈਕਟ ਸੰਜੇ ਗੋਇਲ ਨੂੰ ਉਨ੍ਹਾਂ ਵੱਲੋਂ ਪੇਸ਼ੇਵਰ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਅਤੇ ਸੈਂਟਰ ਨਾਲ ਜੁੜ ਕੇ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੈਂਟਰ ਦੀ ਗਵਰਨਿੰਗ ਕੌਂਸਲ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਇੰਜੀਨੀਅਰਾਂ, ਆਰਕੀਟੈਕਟਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੇ ਸੁਚੱਜੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੈਂਟਰ ਦੇ ਸਕੱਤਰ ਗੁਰਮੀਤ ਸਿੰਘ ਕੁਲਾਰ ਨੇ ਆਪਣੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਨਿਭਾਈ।---