ਸ਼ਹਿਰ ’ਚ ਕੂੜਾ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਮੇਅਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕੂੜੇ ਦੀ ਲਿਫਟਿੰਗ ਤੇਜ਼ ਕਰਨ ਦੇ ਮੇਅਰ ਨੇ ਦਿੱਤੇ ਹੁਕਮ
Publish Date: Tue, 10 Nov 2026 08:04 PM (IST)
Updated Date: Wed, 11 Nov 2026 04:06 AM (IST)
29 ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ ਲੁਧਿਆਣਾ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਕੂੜੇ ਦੀ ਮਾਤਰਾ ਵਧਣ ਦੇ ਮੱਦੇਨਜ਼ਰ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ਹਿਰ ਵਿੱਚੋਂ ਕੂੜੇ ਦੀ ਤੇਜ਼ ਅਤੇ ਨਿਯਮਤ ਲਿਫਟਿੰਗ ਯਕੀਨੀ ਬਣਾਉਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਸਟੈਟਿਕ ਕੰਪੈਕਟਰ ਸਾਈਟਾਂ ਤੋਂ ਕੂੜਾ ਜਲਦੀ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਨਗਰ ਨਿਗਮ ਅਧਿਕਾਰੀਆਂ ਅਨੁਸਾਰ ਸ਼ਹਿਰ ਵਿੱਚ ਆਮ ਦਿਨਾਂ ਦੌਰਾਨ ਰੋਜ਼ਾਨਾ ਕਰੀਬ 1100 ਮੀਟ੍ਰਿਕ ਟਨ ਕੂੜਾ ਪੈਦਾ ਹੁੰਦਾ ਹੈ, ਜਦਕਿ ਦੀਵਾਲੀ ਦੇ ਤਿਉਹਾਰ ਦੌਰਾਨ ਇਸ ਦੀ ਮਾਤਰਾ ਵਿੱਚ 35 ਤੋਂ 40 ਫ਼ੀਸਦੀ ਤੱਕ ਵਾਧਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਵਿਸ਼ਵਕਰਮਾ ਦਿਵਸ ਮੌਕੇ ਸਫ਼ਾਈ ਕਰਮਚਾਰੀਆਂ ਅਤੇ ਹੋਰ ਸਟਾਫ਼ ਵੱਲੋਂ ਧਾਰਮਿਕ ਰਸਮਾਂ ਨਿਭਾਉਣ ਕਾਰਨ ਕੂੜਾ ਚੁੱਕਣ ਦੀ ਪ੍ਰਕਿਰਿਆ ਵੀ ਕੁਝ ਹੱਦ ਤੱਕ ਪ੍ਰਭਾਵਿਤ ਹੁੰਦੀ ਹੈ। ਹਾਲਾਂਕਿ ਹੁਣ ਸ਼ਹਿਰ ਵਿੱਚੋਂ ਕੂੜੇ ਦੀ ਨਿਕਾਸੀ ਲਈ ਸਟਾਫ਼ ਦਿਨ-ਰਾਤ ਕੰਮ ਕਰ ਰਿਹਾ ਹੈ। ਮੇਅਰ ਨੇ ਸੀਨੀਅਰ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿ ਕੇ ਕੰਮ ਦੀ ਨਿਗਰਾਨੀ ਕਰਨ ਅਤੇ ਕੂੜਾ ਚੁੱਕਣ ਦੀ ਪ੍ਰਕਿਰਿਆ ਨੂੰ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਾ ਹੋਣ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਅੱਗ ਨਾ ਲਾਉਣ, ਕਿਉਂਕਿ ਇਸ ਨਾਲ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕੂੜਾ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਉਹ ਖ਼ੁਦ ਵੀ ਅਚਨਚੇਤ ਨਿਰੀਖਣ ਕਰਨਗੇ।