- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਡਾ. ਹਿਮਾਂਸ਼ੂ ਅਗਰਵਾਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

1 ਨੰਬਰ ਲਈ)
-ਕਿਹਾ, ਸਰਕਾਰੀ ਯੋਜਨਾਵਾਂ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਦਿਆਂਗੇ ਤਰਜੀਹ
-ਪ੍ਰਸ਼ਾਸਨਿਕ ਸੁਧਾਰ, ਨਸ਼ਾਮੁਕਤੀ, ਸਿੱਖਿਆ ਤੇ ਸਿਹਤ ਸਹੂਲਤਾਂ 'ਤੇ ਰਹੇਗਾ ਧਿਆਨ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
2014 ਬੈਚ ਦੇ ਆਈਏਐੱਸ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੋਵੇਗੀ। ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ, ਬੁਨਿਆਦੀ ਢਾਂਚੇ ਦਾ ਵਿਕਾਸ, ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਉਨ੍ਹਾਂ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਰਹਿਣਗੇ। ਇਸ ਤੋਂ ਇਲਾਵਾ ਨੌਜਵਾਨਾਂ ਤੇ ਮਹਿਲਾਵਾਂ ਦੇ ਸਸ਼ਕਤੀਕਰਨ, ਨਸ਼ਾਮੁਕਤੀ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣਗੇ।
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਨਿੱਜੀ ਤੌਰ 'ਤੇ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋ ਸਕਣ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਸਮਾਂਬੱਧ ਹੱਲ ਕਰਨਾ ਵੀ ਉਨ੍ਹਾਂ ਦੀ ਤਰਜੀਹ ਰਹੇਗੀ। ਨਾਗਰਿਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਲੋਕ ਭਲਾਈ ਦੇ ਕੰਮਾਂ ਵਿੱਚ ਰੈੱਡ ਕਰਾਸ ਰਾਹੀਂ ਸਥਾਨਕ ਗੈਰ-ਸਰਕਾਰੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਡਾ. ਅਗਰਵਾਲ ਨੇ ਯੂਪੀਐੱਸਸੀ ਦੀ ਪ੍ਰੀਖਿਆ ਵਿੱਚ 28ਵਾਂ ਰੈਂਕ ਹਾਸਲ ਕੀਤਾ ਸੀ। ਉਨ੍ਹਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਤੋਂ ਐੱਮਬੀਬੀਐੱਸ ਦੀ ਡਿਗਰੀ ਪ੍ਰਾਪਤ ਕੀਤੀ ਹੈ। ਇਸ ਤੋਂ ਪਹਿਲਾਂ ਉਹ ਜਲੰਧਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਮੁਹਾਲੀ ਅਤੇ ਅੰਮ੍ਰਿਤਸਰ ’ਚ ਏਡੀਸੀ ਤੇ ਹੁਸ਼ਿਆਰਪੁਰ ਵਿੱਚ ਐੱਸਡੀਐੱਮ ਵਜੋਂ ਵੀ ਕੰਮ ਕਰ ਚੁੱਕੇ ਹਨ।
ਮਸੂਰੀ ਸਥਿਤ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ ’ਚ ਉਨ੍ਹਾਂ ਨੂੰ ਗੋਲਡ ਮੈਡਲ ਮਿਲਿਆ ਸੀ। ਉਹ ਕੌਮੀ ਪੁਰਸਕਾਰ ਨਾਲ ਸਨਮਾਨਿਤ ਹੋਣ ਤੋਂ ਇਲਾਵਾ ਦੋ ਵਾਰ ਸਰਬੋਤਮ ਜ਼ਿਲ੍ਹਾ ਚੋਣ ਅਧਿਕਾਰੀ ਵਜੋਂ ਵੀ ਸਨਮਾਨ ਪ੍ਰਾਪਤ ਕਰ ਚੁੱਕੇ ਹਨ। ਇਨਵੈਸਟ ਪੰਜਾਬ ਵੱਲੋਂ ਵੀ ਉਨ੍ਹਾਂ ਨੂੰ ਸਟੇਟ ਐਵਾਰਡ ਦਿੱਤਾ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਣਨ ਦਾ ਸੁਪਨਾ ਉਨ੍ਹਾਂ ਨੇ ਸਾਲ 2001 ਵਿੱਚ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ ਹੀ ਦੇਖਿਆ ਸੀ। ਉਸ ਸਮੇਂ ਉਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ 97 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਸੀ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਪਿਤਾ ਸੁਰਿੰਦਰ ਅਗਰਵਾਲ ਤੇ ਭੈਣ ਨਿਸ਼ੂ ਅਗਰਵਾਲ ਵੀ ਮੌਜੂਦ ਸਨ। ਉਨ੍ਹਾਂ ਦੀ ਪਤਨੀ ਕੋਮਲ ਮਿੱਤਲ ਵੀ 2014 ਬੈਚ ਦੀ ਆਈਏਐੱਸ ਅਧਿਕਾਰੀ ਹਨ ਅਤੇ ਇਸ ਸਮੇਂ ਰੂਪਨਗਰ ਦੇ ਡੀਸੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
ਡਿਪਟੀ ਕਮਿਸ਼ਨਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ 'ਤੇ ਵਧੀਕ ਡਿਪਟੀ ਕਮਿਸ਼ਨਰ ਸਵਾਤੀ ਟਿਵਾਣਾ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਲੁਧਿਆਣਾ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਵੀ ਕੀਤਾ।