- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਚੋਣਾਂ ਨੂੰ ਲੈ ਕੇ ਹਲਕਾ ਕੇਂਦਰੀ ’ਚ ਸਿਆਸੀ ਸਰਗਰਮੀਆਂ ਤੇਜ਼

-ਵਿਰੋਧੀਆਂ ਤੇ ਆਪਣਿਆਂ ਦੇ ਨਿਸ਼ਾਨੇ ’ਤੇ ਆਏ ਭਾਜਪਾ ਆਗੂ ਦੇਬੀ
13
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਸਿਆਸੀ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ।ਇਸੇ ਸਿਆਸੀ ਮਾਹੌਲ ਦਰਮਿਆਨ ਭਾਜਪਾ ਦੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦਾ ਨਾਂ ਵੀ ਵਿਰੋਧੀਆਂ ਦੀ ਚਰਚਾ ਦੇ ਕੇਂਦਰ ਵਿੱਚ ਆ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਦੇਬੀ ਦੇ ਕਾਰੋਬਾਰੀ ਪਿਛੋਕੜ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਦੋਸ਼ਾਂ ਅਤੇ ਸਵਾਲਾਂ ਦੀ ਚਰਚਾ ਕੀਤੀ ਜਾ ਰਹੀ ਹੈ। ਕੁੱਝ ਸਿਆਸੀ ਵਿਰੋਧੀਆਂ ਵੱਲੋਂ ਉਨ੍ਹਾਂ ਦਾ ਨਾਂ ਸੱਟੇਬਾਜ਼ੀ, ਲਾਟਰੀ ਅਤੇ ਸ਼ਰਾਬ ਦੇ ਕਾਰੋਬਾਰ ਨਾਲ ਜੋੜ ਕੇ ਸਵਾਲ ਉਠਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੇ ਸਮਰਥਨ ’ਚ ਕੋਈ ਪ੍ਰਮਾਣਿਤ ਤੱਥ ਉਪਲੱਬਧ ਨਹੀਂ ਹਨ। ਇਸ ਲਈ ਇਨ੍ਹਾਂ ਲਗਾਏ ਜਾ ਰਹੇ ਦੋਸ਼ਾਂ ਵਾਰੇ ਕੁੱਝ ਵੀ ਨਹੀਂ ਕਿਹਾ ਜਾ ਸਕਦਾ।
ਦੂਜੇ ਪਾਸੇ ਹਲਕਾ ਕੇਂਦਰੀ ਦੀ ਸਿਆਸਤ ’ਚ ‘ਆਪ’ ਦੇ ਆਗੂ ਅਸ਼ੋਕ ਪਰਾਸ਼ਰ ਪੱਪੀ, ਕਾਂਗਰਸੀ ਆਗੂ ਸੁਰਿੰਦਰ ਡਾਬਰ ਤੇ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ ਦੀਆਂ ਲੋਕਾਂ ਨਾਲ ਸਾਂਝ, ਪਿਛਲੇ ਸਮੇਂ ਦੌਰਾਨ ਕਰਵਾਏ ਵਿਕਾਸ ਕਾਰਜ, ਜਨਤਕ ਸਮੱਸਿਆਵਾਂ ਦੇ ਹੱਲ ਲਈ ਕੀਤੀਆਂ ਕੋਸ਼ਿਸ਼ਾਂ ਤੇ ਪਾਰਟੀ ਸੰਗਠਨਾਂ ਦੀ ਮਜ਼ਬੂਤੀ ਵਰਗੇ ਮੁੱਦੇ ਆਉਣ ਵਾਲੀਆਂ ਚੋਣਾਂ ਦੀ ਸਿਆਸੀ ਬਹਿਸ ਦਾ ਹਿੱਸਾ ਬਣ ਸਕਦੇ ਹਨ। ਇਸ ਦੌਰਾਨ ਕੁੱਝ ਸਿਆਸੀ ਵਿਰੋਧੀਆਂ ਵੱਲੋਂ ਭਾਜਪਾ ਆਗੂ ਦੇਬੀ ਨੂੰ ਆਪਣੀ ਹੀ ਪਾਰਟੀ ਅੰਦਰੋਂ ਮਿਲਣ ਵਾਲੇ ਸਹਿਯੋਗ ਬਾਰੇ ਵੀ ਸਵਾਲ ਕੀਤੇ ਜਾ ਰਹੇ ਹਨ। ਵਿਰੋਧੀ ਧਿਰਾਂ ਨਾਲ ਸਬੰਧਤ ਕੁੱਝ ਆਗੂਆਂ ਦਾ ਦਾਅਵਾ ਹੈ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਦੇਬੀ ਦੇ ਆਪਣੇ ਹੀ ਉਨ੍ਹਾਂ ਦੇ ਨਾਲ ਖੜ੍ਹੇ ਨਜ਼ਰ ਨਹੀਂ ਆਉਣਗੇ।
ਇੱਥੇ ਮਹੱਤਵਪੂਰਨ ਹੈ ਕਿ ਕਿਸੇ ਵੀ ਸਿਆਸੀ ਆਗੂ ਦੀ ਲੋਕਪ੍ਰਿਯਤਾ ਦਾ ਅੰਦਾਜ਼ਾ ਸਿਰਫ਼ ਵਿਰੋਧੀਆਂ ਦੇ ਬਿਆਨਾਂ ਜਾਂ ਚੋਣਾਂ ਤੋਂ ਪਹਿਲਾਂ ਚੱਲ ਰਹੀਆਂ ਚਰਚਾਵਾਂ ਦੇ ਆਧਾਰ ’ਤੇ ਨਹੀਂ ਲਾਇਆ ਜਾ ਸਕਦਾ। ਹਲਕੇ ਦੇ ਲੋਕਾਂ ਲਈ ਸੜਕਾਂ, ਸੀਵਰੇਜ, ਸਫ਼ਾਈ ਪ੍ਰਬੰਧ, ਟ੍ਰੈਫਿਕ, ਪੀਣ ਵਾਲੇ ਪਾਣੀ ਦੀ ਸਪਲਾਈ, ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਅਮਨ-ਕਾਨੂੰਨ ਵਰਗੇ ਮੁੱਦੇ ਵੀ ਅਹਿਮ ਹਨ। ਅਜਿਹੇ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨਿਭਾਈ ਗਈ ਭੂਮਿਕਾ ਵੀ ਜਨਤਕ ਚਰਚਾ ਦਾ ਵਿਸ਼ਾ ਬਣ ਸਕਦੀ ਹੈ। ਫਿਲਹਾਲ ਹਲਕਾ ਕੇਂਦਰੀ ਦੀ ਸਿਆਸਤ ’ਚ ਭਾਜਪਾ ਆਗੂ ਦੇਬੀ ਨੂੰ ਲੈ ਕੇ ਚੱਲ ਰਹੀ ਬਿਆਨਬਾਜ਼ੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਵਿਰੋਧੀ ਧਿਰਾਂ ਵੱਲੋਂ ਲਗਾਏ ਜਾ ਰਹੇ ਦੋਸ਼ ਸਿਰਫ਼ ਚੋਣਾਂ ਤੋਂ ਪਹਿਲਾਂ ਦੀ ਸਿਆਸੀ ਬਿਆਨਬਾਜ਼ੀ ਤੱਕ ਹੀ ਸੀਮਤ ਰਹਿਣਗੇ ਜਾਂ ਇਨ੍ਹਾਂ ਦੇ ਸਮਰਥਨ ਵਿੱਚ ਕੋਈ ਠੋਸ ਤੱਥ ਤੇ ਸਬੂਤ ਵੀ ਜਨਤਕ ਕੀਤੇ ਜਾਣਗੇ।