- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਿਖਲਾਈ ’ਤੇ ਜਾਗਰੂਕਤਾ ਕੈਂਪ ਲਾਇਆ

16)
-ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਤੇ ਖੇਤ ’ਚ ਵਾਹੁਣ ਦੀ ਚੁਕਾਈ ਸਹੁੰ
ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ. ਮੱਖਣ ਸਿੰਘ ਭੁੱਲਰ ਦੀ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਦੇ ਸਹਿਯੋਗ ਨਾਲ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ 350 ਐੱਨਐੱਸਐੱਸ ਵਲੰਟੀਅਰਾਂ ਨੇ ਹਿੱਸਾ ਲਿਆ। ਇਸ ਮੌਕੇ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪੀਐੱਸ ਸੰਧੂ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਐੱਨਐੱਸਐੱਸ ਵਲੰਟੀਅਰਾਂ ਨੂੰ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ’ਚ ਵਾਹੁਣ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਜਾਗਰੂਕ ਕਰਨਾ ਸੀ, ਤਾਂ ਜੋ ਉਹ ਪਿੰਡਾਂ ਵਿੱਚ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾ ਸਕਣ।
ਸਹਿਯੋਗੀ ਨਿਰਦੇਸ਼ਕ(ਸਕਿੱਲ ਡਿਵੈਲਪਮੈਂਟ) ਡਾ. ਰੁਪਿੰਦਰ ਕੌਰ ਨੇ ਪਰਾਲੀ ਸਾੜਣ ਤੋਂ ਗੁਰੇਜ਼ ਕਰਨ ਅਤੇ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਡਾ. ਲਵਲੀਸ਼ ਗਰਗ ਨੇ ਪੰਜਾਬ ਰਾਜ ਵਿੱਚ ਪਰਾਲੀ ਦੀ ਸਾਂਭ-ਸੰਭਾਲ ਦੇ ਵੱਖ-ਵੱਖ ਤਰੀਕਿਆਂ ਬਾਰੇ ਚਾਨਣਾ ਪਾਇਆ। ਡਾ. ਹਰਮੀਤ ਸਰਲਾਚ ਨੇ ਸਿਖਿਆਰਥੀਆਂ ਨੂੰ ਸਹੁੰ ਚੁਕਾਈ ਕਿ ਉਹ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੁਰਜ਼ੋਰ ਯਤਨ ਕਰਨਗੇ। ਫਸਲ ਵਿਗਿਆਨ ਵਿਭਾਗ ਦੇ ਡਾ. ਜਸਵੀਰ ਸਿੰਘ ਗਿੱਲ ਨੇ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀ ਕਣਕ ਦੀ ਬਿਜਾਈ ਸੁਪਰ ਸੀਡਰ ਮਸ਼ੀਨ ਨਾਲ ਕਰਨ ਦੀ ਸਲਾਹ ਦਿੱਤੀ। ਫਾਰਮ ਮਸ਼ੀਨਰੀ ਤੇ ਪਾਵਰ ਇੰਜੀਨੀਅਰਿੰਗ ਵਿਭਾਗ ਦੇ ਡਾ. ਮਨਪ੍ਰੀਤ ਸਿੰਘ ਭਾਮ ਨੇ ਪਰਾਲੀ ਦੀ ਸਾਂਭ-ਸੰਭਾਲ ਵਿੱਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮਸ਼ੀਨਾਂ ਬਾਰੇ ਚਾਨਣਾ ਪਾਇਆ।
ਅੰਤ ’ਚ ਡਾ. ਕੁਲਵੀਰ ਕੌਰ ਨੇ ਆਏ ਹੋਏ ਸਪੀਕਰਾਂ, ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਐੱਨਐੱਸਐੱਸ ਦੇ ਪ੍ਰੋਗਰਾਮ ਅਫਸਰਾਂ ਤੇ ਸਿਖਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਗਗਨਦੀਪ ਕੌਰ, ਡਾ. ਹਰਮਨਦੀਪ ਕੌਰ, ਡਾ. ਅਮਨ ਸ਼ਰਮਾ, ਡਾ. ਐਨਾ ਗੋਇਲ, ਡਾ. ਰੋਹਿਤ ਛਾਬੜਾ ਤੇ ਕੰਵਲਜੀਤ ਕੌਰ ਸ਼ਾਮਲ ਸਨ।