- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੱਠ ਪੂਜਾ ਦੇ ਪ੍ਰਬੰਧਾਂ ਦਾ ਮੇਅਰ ਨੇ ਲਿਆ ਜਾਇਜ਼ਾ, ਘਾਟਾਂ ਦਾ ਕੀਤਾ ਨਿਰੀਖਣ

-ਸਫ਼ਾਈ ਬਰਕਰਾਰ ਰੱਖਣ ਦੀ ਅਪੀਲ, ਕਈ ਥਾਵਾਂ ’ਤੇ ਬਣਾਏ ਆਰਜ਼ੀ ਘਾਟ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਛੱਠ ਪੂਜਾ ਦੇ ਤਿਉਹਾਰ ਨੂੰ ਲੈ ਕੇ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਬੁੱਧਵਾਰ ਨੂੰ ਵੱਖ-ਵੱਖ ਘਾਟਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਪੱਖੋਵਾਲ ਰੋਡ ਨਹਿਰ ਪੁਲ, ਪਿੰਡ ਲੋਹਾਰਾ ਦੇ ਆਰਜ਼ੀ ਘਾਟ ਅਤੇ ਸਟਾਰ ਕਲੋਨੀ ਸਮੇਤ ਹੋਰਨਾਂ ਥਾਵਾਂ ਦਾ ਦੌਰਾ ਕਰਕੇ ਪ੍ਰਬੰਧਕਾਂ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਮੇਅਰ ਨੇ ਸਬੰਧਤ ਅਧਿਕਾਰੀਆਂ ਨੂੰ ਘਾਟਾਂ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਰਧਾਲੂਆਂ ਤੋਂ ਵੀ ਪ੍ਰਬੰਧਾਂ ਸਬੰਧੀ ਫੀਡਬੈਕ ਲਿਆ ਅਤੇ ਛੱਠ ਪੂਜਾ ਦੀਆਂ ਅਗਾਊਂ ਵਧਾਈਆਂ ਦਿੱਤੀਆਂ। ਇਸ ਮੌਕੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਮੌਜੂਦ ਸਨ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਛੱਠ ਪੂਜਾ ਵਰਗੇ ਤਿਉਹਾਰ ਆਪਸੀ ਭਾਈਚਾਰੇ, ਏਕਤਾ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਆਰਜ਼ੀ ਘਾਟ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘਾਟਾਂ ਦੀ ਸਫ਼ਾਈ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਪੂਜਾ ਦੌਰਾਨ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਨਗਰ ਨਿਗਮ ਦਾ ਸਹਿਯੋਗ ਕਰਦਿਆਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।