- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਨਸ਼ਿਆਂ ਦੀ ਭੇਟ ਚੜ੍ਹ ਰਹੀ ਜਵਾਨੀ ਨੂੰ ਬਚਾਉਣ ਵਿੱਚ ਸਰਕਾਰਾਂ ਸਿਰਫ਼ ਦਾਅਵਿਆਂ ਤੇ ਇਸ਼ਤਿਹਾਰਾਂ ਤੱਕ ਸੀਮਤ-ਚੀਮਾ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਅੱਜ ਪੰਜਾਬ ਦਾ ਹਰ ਮਾਪਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਦੇ ਖ਼ਾਤਮੇ ਲਈ ਸਿਰਫ਼ ਵੱਡੇ-ਵੱਡੇ ਦਾਅਵੇ ਕਰਨ ਨਾਲ ਕੁਝ ਨਹੀਂ ਹੋਣਾ। ਇਹ ਗੱਲਾਂ ਈਸ਼ਵਰਜੋਤ ਸਿੰਘ ਚੀਮਾ ਇੰਚਾਰਜ ਹਲਕਾ ਦੱਖਣੀ ਲੁਧਿਆਣਾ ਨੇ ਪੰਜਾਬ ਕਾਂਗਰਸ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਸਬੰਧੀ ਲੁਧਿਆਣਾ ’ਚ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਉਪਰੰਤ ਆਖੀਆਂ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਸ਼ੁਰੂ ਹੋਣ ਜਾ ਰਹੀ ਇਹ ਸਾਈਕਲ ਯਾਤਰਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਅਹਿਮ ਉਪਰਾਲਾ ਹੈ। ਚੀਮਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਭਾਸ਼ਣਾਂ ਦੀ ਨਹੀਂ, ਸਗੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਖੇਡਾਂ ਦੇ ਬਿਹਤਰ ਮੌਕਿਆਂ ਦੀ ਲੋੜ ਹੈ। ਸਵਾਲ ਇਹ ਹੈ ਕਿ ਜਿਹੜੇ ਮਾਪੇ ਨਸ਼ਿਆਂ ਕਾਰਨ ਆਪਣੇ ਪੁੱਤ ਗੁਆ ਰਹੇ ਹਨ, ਉਨ੍ਹਾਂ ਨੂੰ ਸਰਕਾਰੀ ਦਾਅਵਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਨਤੀਜਿਆਂ ਨਾਲ ਰਾਹਤ ਮਿਲੇਗੀ।ਉਨ੍ਹਾਂ ਪੰਜਾਬ ਦੇ ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ।