- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ’ਚ ਹੋ ਰਿਹਾ ਵਾਧਾ, ਕਿਸਾਨਾਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

-ਪਰਾਲੀ ਸੰਭਾਲਣ ਲਈ ਲੁੜੀਂਦੇ ਸਾਧਨ ਮੁਹੱਈਆ ਕਰਵਾਵੇ ਪੰਜਾਬ ਸਰਕਾਰ : ਕਿਸਾਨ
19
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਇਲਾਕੇ ਵਿੱਚ ਜਿਵੇਂ-ਜਿਵੇਂ ਝੋਨੇ ਦੀ ਕਟਾਈ ਦਾ ਕੰਮ ਤੇਜ਼ੀ ਫੜ ਰਿਹਾ ਹੈ, ਉਸੇ ਤਰ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਨੇ ਆਪਣੀਆਂ ਮੁਸ਼ਕਲਾਂ ਬਿਆਨ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਕਿਸਾਨਾਂ ਦਾ ਕਹਿਣਾ ਹੈਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਤਾਂ ਸਖ਼ਤੀ ਵਰਤੀ ਜਾ ਰਹੀ ਹੈ, ਪਰ ਦੂਜੇ ਪਾਸੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਸਾਧਨ ਮੁਹੱਈਆ ਕਰਵਾਉਣ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਉਹ ਹਰ ਰੋਜ਼ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਠੇਕੇਦਾਰਾਂ ਅਤੇ ਮਸ਼ੀਨ ਚਾਲਕਾਂ ਨੂੰ ਫੋਨ ਕਰ ਰਹੇ ਹਨ, ਪਰ ਕਰੀਬ 15 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਨਹੀਂ ਬਣਾਈਆਂ ਗਈਆਂ।
ਕਿਸਾਨਾਂ ਨੇ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਲਗਾਤਾਰ ਨਿਕਲਦਾ ਜਾ ਰਿਹਾ ਹੈ। ਜੇਕਰ ਸਮੇਂ ਸਿਰ ਖੇਤਾਂ ਵਿੱਚੋਂ ਪਰਾਲੀ ਨਾ ਹਟਾਈ ਜਾਵੇ ਤਾਂ ਕਣਕ ਦੀ ਬਿਜਾਈ ਲੇਟ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸੇ ਮਜਬੂਰੀ ਕਾਰਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਵਰਗਾ ਕਦਮ ਚੁੱਕਣਾ ਪੈ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਾਲੀ ਸੰਭਾਲਣ ਲਈ ਉਨ੍ਹਾਂ ਨੂੰ ਜਿਹੜੇ ਸਾਧਨਾਂ ਦੀ ਲੋੜ ਹੈ, ਉਨ੍ਹਾਂ ਨੂੰ ਤੁਰੰਤ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਨ੍ਹਾਂ ਨੂੰ ਪਰਾਲੀ ਨਾ ਸਾੜਨੀ ਪਵੇ ਤੇ ਉਸ ਨੂੰ ਸੰਭਾਲ ਕੇ ਰੱਖਿਆ ਜਾ ਸਕੇ।
ਜੇਕਰ ਸਰਕਾਰ ਸੱਚਮੁੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਚਾਹੁੰਦੀ ਹੈ ਤਾਂ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਬੇਲਰ ਮਸ਼ੀਨਾਂ ਅਤੇ ਪਰਾਲੀ ਦੀ ਸੰਭਾਲ ਲਈ ਹੋਰ ਲੋੜੀਂਦੇ ਖੇਤੀ ਸੰਦ ਉਪਲੱਬਧ ਕਰਵਾਏ ਜਾਣ। ਸਿਰਫ਼ ਪਾਬੰਦੀਆਂ ਲਾਉਣ ਜਾਂ ਕਾਰਵਾਈ ਦੀ ਚਿਤਾਵਨੀ ਦੇਣ ਨਾਲ ਇਸ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ, ਸਗੋਂ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨੀ ਮੁਸ਼ਕਲਾਂ ਸਮਝਦਿਆਂ ਉਨ੍ਹਾਂ ਨੂੰ ਲੋੜੀਂਦੇ ਸਾਧਨ ਅਤੇ ਸਹੂਲਤਾਂ ਵੀ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ।